14 ਮਾਰਚ ਨੂੰ ਤਰਨ ਤਾਰਨ ਜ਼ਿਲ੍ਹੇ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੱਲੋਂ ਜਨਤਾ ਨੂੰ ਅਪੀਲ

ਨਵਦੀਪ ਸੈਂਟੀ

ਤਰਨ ਤਾਰਨ, 10 ਫਰਵਰੀ (ਨਵਦੀਪ ਸ਼ੈਂਟੀ) — ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (ਐੱਸ.ਏ.ਐੱਸ. ਨਗਰ) ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੀਆਂ ਅਦਾਲਤਾਂ ਵਿੱਚ ਇਸ ਸਾਲ ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ 14 ਮਾਰਚ 2026 ਨੂੰ ਆਯੋਜਿਤ ਕੀਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਤਰ੍ਹਾਂ ਦੇ ਕੇਸ ਆਪਸੀ ਸਹਿਮਤੀ ਨਾਲ ਨਿਪਟਾਏ ਜਾਣਗੇ, ਜਿਨ੍ਹਾਂ ਵਿੱਚ 138 ਐੱਨ.ਆਈ.ਐਕਟ ਕੇਸ, ਬੈਂਕ ਰਿਕਵਰੀ ਮਾਮਲੇ, ਲੇਬਰ ਵਿਵਾਦ, ਬਿਜਲੀ, ਪਾਣੀ, ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਈਟ ਪਲੈਨ ਨਾਲ ਸਬੰਧਤ ਕੇਸ, ਸਾਰੇ ਤਰ੍ਹਾਂ ਦੇ ਸਿਵਲ ਮਾਮਲੇ, ਛੋਟੇ ਅਪਰਾਧਿਕ ਕੇਸ, ਵਿਆਹੁਤਾ ਝਗੜੇ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ (MACT) ਕੇਸ ਅਤੇ ਇੰਸ਼ੋਰੈਂਸ ਕਲੇਮ ਮਾਮਲੇ ਸ਼ਾਮਲ ਹਨ।

ਜ਼ਿਲ੍ਹਾ ਜੱਜ ਨੇ ਸਪਸ਼ਟ ਕੀਤਾ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਮਾਮਲਿਆਂ ਦੇ ਫੈਸਲੇ ਅੰਤਿਮ ਹੁੰਦੇ ਹਨ ਅਤੇ ਇਨ੍ਹਾਂ ਖ਼ਿਲਾਫ਼ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਅਦਾਲਤ ਨਾਲ ਨਾ ਸਿਰਫ਼ ਲੋਕਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੁੰਦੀ ਹੈ, ਸਗੋਂ ਦੋਵਾਂ ਧਿਰਾਂ ਵਿਚਕਾਰ ਸੁਹਜ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ, ਲੋਕ ਅਦਾਲਤ ਵਿੱਚ ਨਿਪਟਾਏ ਗਏ ਕੇਸਾਂ ਦੀ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ।

ਕੰਵਲਜੀਤ ਸਿੰਘ ਬਾਜਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਵਿਅਕਤੀ ਆਪਣੇ ਕੇਸ ਆਪਸੀ ਰਜ਼ਾਮੰਦੀ ਨਾਲ ਨਿਪਟਾਉਣਾ ਚਾਹੁੰਦਾ ਹੈ, ਉਹ ਆਪਣੀ ਅਰਜ਼ੀ ਸਬੰਧਤ ਅਦਾਲਤ ਜਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਜਨਤਾ ਨੂੰ ਵੱਧ ਤੋਂ ਵੱਧ ਇਸ ਰਾਸ਼ਟਰੀ ਲੋਕ ਅਦਾਲਤ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।

Leave A Reply