ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ
ਮੁੱਖ ਦਫ਼ਤਰ ਪਹੁੰਚਣ ’ਤੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ • ਕਿਸਾਨਾਂ ਅਤੇ ਮੰਡੀਆਂ ਦੇ ਵਿਕਾਸ ਲਈ ਹੋਰ ਜੋਸ਼ ਨਾਲ ਕੰਮ ਕਰਨ ਦਾ ਭਰੋਸਾ
ਐਸ.ਏ.ਐਸ. ਨਗਰ (ਮੋਹਾਲੀ), 23 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ):
ਪੰਜਾਬ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਬੋਰਡ ਨਾਲ ਜੁੜੇ ਹਰ ਵਰਗ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਕਾਰਜਕਾਲ ਵਿੱਚ ਵਾਧੇ ਤੋਂ ਬਾਅਦ ਸ. ਬਰਸਟ ਅੱਜ ਬੋਰਡ ਦੇ ਮੁੱਖ ਦਫ਼ਤਰ ਪਹੁੰਚੇ, ਜਿੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਫੁੱਲਾਂ ਦੇ ਗੁਲਦਸਤਿਆਂ ਨਾਲ ਵਧਾਈ ਦਿੰਦਿਆਂ ਦਫ਼ਤਰ ਦਾ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰਪੂਰ ਨਜ਼ਰ ਆਇਆ।
ਆਪਣੇ ਸੰਬੋਧਨ ਵਿੱਚ ਚੇਅਰਮੈਨ ਸ. ਬਰਸਟ ਨੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹੋਰ ਵੱਧ ਜੋਸ਼ ਅਤੇ ਜ਼ਿੰਮੇਵਾਰੀ ਨਾਲ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਹਿੱਤ ਵਿੱਚ ਕੰਮ ਜਾਰੀ ਰਹੇਗਾ।
ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ, ਸਹੂਲਤਾਂ ਦੇ ਵਿਸਥਾਰ ਅਤੇ ਸਫ਼ਾਈ ’ਤੇ ਖਾਸ ਧਿਆਨ ਦਿੱਤਾ ਜਾਵੇ। ਨਾਲ ਹੀ ਬੋਰਡ ਦੀ ਆਮਦਨ ਵਧਾਉਣ ਲਈ ਆਧੁਨਿਕ ਤਕਨੀਕ ਅਤੇ ਡਿਜੀਟਲ ਪ੍ਰਣਾਲੀਆਂ ਦੇ ਵਿਆਪਕ ਇਸਤੇਮਾਲ ’ਤੇ ਵੀ ਜ਼ੋਰ ਦਿੱਤਾ।
ਚੇਅਰਮੈਨ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਸਿਰਫ਼ ਖਰੀਦ-ਫ਼ਰੋਖ਼ਤ ਦੇ ਕੇਂਦਰ ਨਹੀਂ, ਸਗੋਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਦਾ ਅਧਾਰ ਹਨ। ਇਸ ਲਈ ਮੰਡੀਆਂ ਦੇ ਢਾਂਚਾਗਤ ਵਿਕਾਸ, ਬੁਨਿਆਦੀ ਸਹੂਲਤਾਂ ਦੇ ਅੱਪਗ੍ਰੇਡ ਅਤੇ ਸਫ਼ਾਈ ਪ੍ਰਬੰਧਾਂ ਲਈ ਵਿਸ਼ੇਸ਼ ਯੋਜਨਾਵਾਂ ਤਹਿਤ ਕੰਮ ਕੀਤਾ ਜਾਵੇਗਾ।
ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਮੰਡੀ ਬੋਰਡ ਆਉਣ ਵਾਲੇ ਸਮੇਂ ਵਿੱਚ ਨਵੀਆਂ ਉਚਾਈਆਂ ਹਾਸਲ ਕਰੇਗਾ।
ਇਸ ਮੌਕੇ ਸ੍ਰੀ ਕੁਮਾਰ ਅਮਿਤ (ਆਈ.ਏ.ਐਸ.), ਸਕੱਤਰ ਪੰਜਾਬ ਮੰਡੀ ਬੋਰਡ; ਸ. ਜਤਿੰਦਰ ਸਿੰਘ ਭੰਗੂ, ਇੰਜੀਨੀਅਰ-ਇਨ-ਚੀਫ਼; ਸ. ਹਰਜੀਤ ਸਿੰਘ ਸੰਧੂ (ਪੀ.ਸੀ.ਐਸ.), ਸੰਯੁਕਤ ਸਕੱਤਰ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਸਾਰੇ ਅਧਿਕਾਰੀਆਂ ਨੇ ਸ. ਬਰਸਟ ਦੀ ਅਗਵਾਈ ਵਿੱਚ ਬੋਰਡ ਵੱਲੋਂ ਕਿਸਾਨਾਂ ਅਤੇ ਹੋਰ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕੀਤੀ ਅਤੇ ਭਰੋਸਾ ਦਿੱਤਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।
Comments are closed.