ਬੱਚਿਆਂ ਦਾ ਸੰਪੂਰਨ ਟੀਕਾਕਰਨ ਚੰਗੇ ਅਤੇ ਸਿਹਤਮੰਦ ਸਮਾਜ ਲਈ ਅਤਿ ਜ਼ਰੂਰੀ – ਡਾ. ਗੁਰਪ੍ਰੀਤ ਸਿੰਘ ਰਾਏ
ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਲਈ ਟੀਕਾਕਰਨ ਸੇਵਾਵਾਂ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ
ਤਰਨ ਤਾਰਨ, 13 ਫਰਵਰੀ:
ਜ਼ਿਲ੍ਹਾ ਸਿਹਤ ਸੇਵਾਵਾਂ ਤਰਨ ਤਾਰਨ ਵੱਲੋਂ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ ਸੰਪੂਰਨ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਪੈਸ਼ਲ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਬੱਚਿਆਂ ਦਾ ਸੰਪੂਰਨ ਟੀਕਾਕਰਨ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਬਹੁਤ ਜ਼ਰੂਰੀ ਹੈ ਅਤੇ ਇਹ ਚੰਗੇ ਅਤੇ ਸਿਹਤਮੰਦ ਸਮਾਜ ਦੀ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੁਹਿੰਮ ਤਹਿਤ ਉਹਨਾਂ ਬੱਚਿਆਂ ਦੀ ਪਛਾਣ ਕੀਤੀ ਜਾ ਰਹੀ ਹੈ ਜੋ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਸਨ ਅਤੇ ਉਨ੍ਹਾਂ ਦਾ ਟੀਕਾਕਰਨ 100 ਫੀਸਦੀ ਯਕੀਨੀ ਬਣਾਇਆ ਜਾਵੇਗਾ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਅਤੇ ਨਵਜੰਮੇ ਬੱਚਿਆਂ ਦਾ ਟੀਕਾਕਰਨ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਗਰਭਵਤੀ ਮਹਿਲਾਵਾਂ ਦੀ ਰਜਿਸਟ੍ਰੇਸ਼ਨ, ਖੂਨ ਦੀ ਜਾਂਚ, ਡਾਕਟਰੀ ਜਾਂਚ ਅਤੇ ਜਣੇਪੇ ਤੋਂ ਬਾਅਦ ਘਰ ਤੱਕ ਪਹੁੰਚਾਉਣ ਦੀ ਸਹੂਲਤ ਵੀ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸਲੱਮ ਏਰੀਆ, ਭੱਠਿਆਂ, ਝੁੱਗੀਆਂ, ਝੌਂਪੜੀਆਂ ਅਤੇ ਫੈਕਟਰੀਆਂ ਵਿੱਚ ਜਾ ਕੇ ਵੀ ਬੱਚਿਆਂ ਦਾ ਟੀਕਾਕਰਨ ਕਰਨਗੀਆਂ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ।
ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸਪੈਸ਼ਲ ਟੀਕਾਕਰਨ ਮੁਹਿੰਮ ਦਾ ਪੂਰਾ ਲਾਭ ਲੈਣ ਅਤੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਸਮੇਂ ਸਿਰ ਟੀਕਾਕਰਨ ਕਰਵਾ ਕੇ ਉਨ੍ਹਾਂ ਦੀ ਸਿਹਤ ਦੀ ਰੱਖਿਆ ਯਕੀਨੀ ਬਣਾਉਣ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ, ਡਾ. ਰਣਬੀਰ ਸਿੰਘ ਐਪੀਡੀਮੋਲੋਜਿਸਟ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਬੀ.ਸੀ.ਸੀ. ਕੋਆਰਡੀਨੇਟਰ ਆਰੂਸ਼ ਭੱਲਾ ਅਤੇ ਕੋਲਡ ਚੈਨ ਟੈਕਨੀਸ਼ੀਅਨ ਬਲਵਿੰਦਰ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Watch our YouTube video
Comments are closed.