ਭ੍ਰਿਸ਼ਟ ਸਰਕਾਰ ਤੋਂ ਪੰਜਾਬ ਨੂੰ ਅਤੇ ਭਗੋੜੇ ਦਲ ਤੋਂ ਸਿੱਖ ਪੰਥ ਨੂੰ ਬਚਾਉਣ ਦੀ ਲੋੜ — ਗਿਆਨੀ ਹਰਪ੍ਰੀਤ ਸਿੰਘ
ਦੁਮਣਾ ਵਿੱਚ ਭਰਵੀਂ ਪੰਥਕ ਰੈਲੀ • ਹੋਲੇ ਮਹੱਲੇ ਮੌਕੇ 3 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ
ਮੋਰਿੰਡਾ, 24 ਫਰਵਰੀ (ਕਰਨੈਲ ਜੀਤ): ਹੋਲੇ ਮਹੱਲੇ ਮੌਕੇ ਹੋਣ ਵਾਲੀ ਪੰਥਕ ਰੈਲੀ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਇਤਿਹਾਸਕ ਪਿੰਡ ਦੁਮਣਾ ਵਿਖੇ ਭਰਵੀਂ ਰੈਲੀ ਕੀਤੀ ਗਈ। ਇਸ ਰੈਲੀ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਦੁਮਣਾ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਨੂੰ ਭ੍ਰਿਸ਼ਟ ਸਰਕਾਰ ਤੋਂ ਅਤੇ ਸਿੱਖ ਪੰਥ ਨੂੰ ਭਗੋੜੇ ਦਲ ਤੋਂ ਬਚਾਉਣ ਦੀ ਲੋੜ ਹੈ। ਉਨ੍ਹਾਂ ਸਿੱਖ ਕੌਮ ਨੂੰ ਨਿੱਜੀ ਰੋਸੇ-ਗਿਲੇ ਭੁੱਲ ਕੇ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਸਿੱਖਾਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਪਰ ਸਰਕਾਰਾਂ ਵੱਲੋਂ ਹਮੇਸ਼ਾ ਵਿਤਕਰਾ ਕੀਤਾ ਗਿਆ।
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਇਸ ਵੇਲੇ ਹਰ ਪਾਸੇ ਲੁੱਟ ਦਾ ਸ਼ਿਕਾਰ ਬਣ ਰਿਹਾ ਹੈ ਅਤੇ ਪਿਛਲੇ ਦਸ ਸਾਲਾਂ ਦੇ ਰਾਜ ਦੌਰਾਨ ਪੈਦਾ ਹੋਈਆਂ ਸਮੱਸਿਆਵਾਂ ਦਾ ਭਾਰ ਅੱਜ ਪੰਜਾਬੀ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਪੂਰਾ ਕੰਟਰੋਲ ਹੋਣ ਦੇ ਬਾਵਜੂਦ ਹਾਲਤ ਸੁਧਾਰੀ ਨਹੀਂ ਗਈ ਅਤੇ ਗੁਰਦੁਆਰਿਆਂ ਦੀਆਂ ਜ਼ਮੀਨਾਂ ਦੀ ਵਿਕਰੀ ਵਰਗੇ ਮਾਮਲੇ ਚਿੰਤਾਜਨਕ ਹਨ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮਾ ਸਰਵੋਚ ਹੈ, ਉਹ ਕਦੇ ਵੀ ਭਗੋੜੇ ਦਲ ਦਾ ਸਾਥ ਨਹੀਂ ਦੇਣਗੇ। ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਪਰਚੇ ਦਰਜ ਕਰਨ ਜਾਂ ਘਰ ਢਾਹੁਣ ਵਰਗੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਅਕਾਲੀ ਦਲ ਦੇ ਸਰਪ੍ਰਸਤ ਰਵੀਇੰਦਰ ਸਿੰਘ ਦੁਮਣਾ ਨੇ ਕਿਹਾ ਕਿ 2 ਦਸੰਬਰ ਦੇ ਹੁਕਮਨਾਮੇ ਨੇ ਕੌਮ ਨੂੰ ਮੁੜ ਸੋਚਣ ਲਈ ਮਜਬੂਰ ਕੀਤਾ ਹੈ ਅਤੇ ਹੁਣ ਸਮਾਂ ਪੰਥਕ ਏਕਤਾ ਦਾ ਹੈ। ਉਨ੍ਹਾਂ 3 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵੱਡੇ ਇਕੱਠ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੱਤਾ ਨਹੀਂ, ਸੱਚਾਈ ਅਤੇ ਪੰਥ ਦੀ ਚੜ੍ਹਦੀ ਕਲਾ ਸਾਡਾ ਮਕਸਦ ਹੈ।
ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਨੇ ਕਦੇ ਆਪਣੇ ਅਧਿਕਾਰਾਂ ‘ਤੇ ਸਮਝੌਤਾ ਨਹੀਂ ਕੀਤਾ ਅਤੇ ਅੱਜ ਵੀ ਲੋਕਾਂ ਨੂੰ ਡਰਾ ਕੇ ਗੁੰਡਾ ਟੈਕਸ ਵਸੂਲਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਥਕ ਕਾਨਫਰੰਸ ਨੂੰ ਨਾਕਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਸੰਗਤ ਦੀ ਤਾਕਤ ਨਾਲ ਇਹ ਯਤਨ ਅਸਫਲ ਰਹਿਣਗੇ।
ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਭਾਰਤ-ਪਾਕ ਅਤੇ ਚੀਨ ਜੰਗਾਂ ਤੱਕ ਸਿੱਖ ਫੌਜੀਆਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਪਰ ਅਜੇ ਵੀ ਕਈ ਕੈਦੀ ਸਿੰਘਾਂ ਦੀ ਰਿਹਾਈ ਨਹੀਂ ਹੋਈ। ਉਨ੍ਹਾਂ ਹੋਲੇ ਮਹੱਲੇ ਮੌਕੇ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਇਸ ਸਮਾਗਮ ਵਿੱਚ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ, ਜਥੇਦਾਰ ਗੁਰਮੀਤ ਸਿੰਘ ਮਕੜੌਨਾ, ਜਥੇਦਾਰ ਪ੍ਰੀਤਮ ਸਿੰਘ ਸਲੋਮਾਜਰਾ, ਜਥੇਦਾਰ ਹਰਬੰਸ ਸਿੰਘ ਕੰਧੋਲਾ ਸਾਬਕਾ ਮੈਂਬਰ ਐਸਜੀਪੀਸੀ ਸਮੇਤ ਕਈ ਹੋਰ ਆਗੂ ਅਤੇ ਵਰਕਰ ਮੌਜੂਦ ਸਨ।
Watch our YouTube video
Comments are closed.