ਪੰਜਾਬ ਨੂੰ ਕਰਜ਼ਾ ਮੁਕਤ ਕਰਨ ਲਈ ਭਾਜਪਾ ਸਰਕਾਰ ਜਰੂਰੀ – ਸਵਰਨ ਸਿੰਘ ਸੈਂਪਲਾ

ਕੇਂਦਰ ਦੀਆਂ ਸਕੀਮਾਂ ਲਾਗੂ ਹੋਣ ਨਾਲ ਲੋਕਾਂ ਨੂੰ ਵੱਡਾ ਲਾਭ ਮਿਲੇਗਾ, ਭਾਜਪਾ ਹੀ ਵਾਅਦੇ ਪੂਰੇ ਕਰਨ ਵਾਲੀ ਪਾਰਟੀ – ਸੈਂਪਲਾ

ਨਿਊਜ਼ ਰਿਪੋਰਟ
ਵਿਜ਼ਨ ਪੰਜਾਬ 24 ਨਿਊਜ਼ / ਕਰਨੈਲ ਜੀਤ
ਮੋਰਿੰਡਾ, 15 ਫਰਵਰੀ: ਪੰਜਾਬ ਨੂੰ ਖੁਸ਼ਹਾਲ ਅਤੇ ਕਰਜ਼ਾ ਮੁਕਤ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨਾ ਜਰੂਰੀ ਹੈ। ਇਹ ਵਿਚਾਰ ਭਾਜਪਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਕੋ-ਕਨਵੀਨਰ ਸਵਰਨ ਸਿੰਘ ਸੈਂਪਲਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਸਵਰਨ ਸਿੰਘ ਸੈਂਪਲਾ ਨੇ ਕਿਹਾ ਕਿ ਭਾਜਪਾ ਇੱਕੋ ਇੱਕ ਅਜਿਹੀ ਪਾਰਟੀ ਹੈ ਜੋ ਜਿਸ ਵੀ ਰਾਜ ਵਿੱਚ ਸਰਕਾਰ ਬਣਾਉਂਦੀ ਹੈ, ਉੱਥੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਨਾਲ-ਨਾਲ ਹੋਰ ਵੀ ਵਧੀਆ ਸਹੂਲਤਾਂ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਚਾਰ ਸਾਲਾਂ ਦੌਰਾਨ ਸਿਰਫ ਆਪਣੀ ਪ੍ਰਚਾਰ ਲਈ ਸਰਕਾਰੀ ਖਜ਼ਾਨੇ ਵਿੱਚੋਂ ਹਜ਼ਾਰਾਂ ਕਰੋੜ ਰੁਪਏ ਖਰਚ ਕਰ ਚੁੱਕੀ ਹੈ, ਜਦਕਿ ਜ਼ਮੀਨੀ ਹਕੀਕਤ ਇਸ ਤੋਂ ਵੱਖਰੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੋਣ ਕਰਕੇ ਜੇਕਰ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਕੇਂਦਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇਗਾ, ਜਿਸ ਨਾਲ ਪੰਜਾਬ ਨੂੰ ਕਰਜ਼ਾ ਮੁਕਤ ਬਣਾਉਣ ਵਿੱਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ।
ਸੈਂਪਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਰਗੀਆਂ ਮਹੱਤਵਪੂਰਨ ਸਕੀਮਾਂ ਰਾਹੀਂ ਗਰੀਬ ਪਰਿਵਾਰਾਂ ਨੂੰ ਆਪਣਾ ਘਰ ਬਣਾਉਣ ਵਿੱਚ ਸਹਾਇਤਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਨਾਲ ਇਹ ਸਕੀਮਾਂ ਪੰਜਾਬ ਵਿੱਚ ਵਧੀਆ ਢੰਗ ਨਾਲ ਲਾਗੂ ਹੋਣਗੀਆਂ ਅਤੇ ਲੋਕਾਂ ਨੂੰ ਸਿੱਧਾ ਫਾਇਦਾ ਮਿਲੇਗਾ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਭਾਜਪਾ ਨੂੰ ਸਮਰਥਨ ਦੇ ਕੇ ਰਾਜ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਵਿੱਚ ਸਹਿਯੋਗ ਦੇਣ।

Watch next YouTube video

Comments are closed.