ਪਿੰਡ ਸਹੌੜਾ ਵਿਖੇ ਕਾਂਗਰਸੀ ਵਰਕਰਾਂ ਦੀ ਲਾਮਬੰਦੀ ਲਈ ਵਿਸ਼ੇਸ਼ ਮੀਟਿੰਗ

ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਰਕਰਾਂ ਨੂੰ ਪਿੰਡ ਪੱਧਰ ਤੱਕ ਸਰਗਰਮ ਹੋਣ ਦੀ ਅਪੀਲ – ਜੀਤੀ ਪਡਿਆਲਾ

ਮੁਹਾਲੀ, 17 ਮਾਰਚ (ਪੁਸ਼ਪਿੰਦਰ ਸਿੰਘ):
ਹਲਕਾ ਖਰੜ ਦੇ ਪਿੰਡ ਸਹੌੜਾ ਵਿਖੇ ਕਾਂਗਰਸੀ ਵਰਕਰਾਂ ਦੀ ਲਾਮਬੰਦੀ ਲਈ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਕਾਂਗਰਸੀ ਵਰਕਰਾਂ ਨੂੰ ਹੁਣ ਤੋਂ ਹੀ ਪਾਰਟੀ ਲਈ ਪੂਰੀ ਤਾਕਤ ਨਾਲ ਲਾਮਬੰਦ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਹਮੇਸ਼ਾਂ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਰਹੇ ਹਨ ਅਤੇ ਵਰਕਰਾਂ ਦੀ ਮਿਹਨਤ ਅਤੇ ਇਕਜੁੱਟਤਾ ਨਾਲ ਹੀ ਪਾਰਟੀ ਨੂੰ ਮਜ਼ਬੂਤੀ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ‘ਤੇ ਨਾਕਾਮ ਸਾਬਤ ਹੋਈ ਹੈ ਅਤੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਸਿਰਫ਼ ਦਾਅਵਿਆਂ ਤੱਕ ਹੀ ਸੀਮਿਤ ਹੈ।

ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਪਿੰਡ ਪੱਧਰ ਤੱਕ ਸਰਗਰਮ ਹੋਣਾ ਪਵੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਾਂ ਬਾਰੇ ਜਾਣੂ ਕਰਵਾਉਣ।

ਉਨ੍ਹਾਂ ਭਰੋਸਾ ਜਤਾਇਆ ਕਿ ਕਾਂਗਰਸੀ ਵਰਕਰਾਂ ਦੀ ਇਕਜੁੱਟਤਾ ਅਤੇ ਮਿਹਨਤ ਨਾਲ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗੀ।
ਮੀਟਿੰਗ ਦੌਰਾਨ ਕਈ ਵਰਕਰਾਂ ਨੇ ਆਪਣੇ ਵਿਚਾਰ ਵੀ ਸਾਂਝੇ ਕੀਤੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਕੁਲਦੀਪ ਸਿੰਘ ਸ਼ੇਰਗਿੱਲ, ਸਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

Comments are closed.