ਜਨਗਣਨਾ-2027 ਦੀਆਂ ਤਿਆਰੀਆਂ ਤੇਜ਼, ਹਾਉਸਲਿਸਟਿੰਗ ਸਬੰਧੀ ਦੋ ਦਿਨਾਂ ਦੀ ਟ੍ਰੇਨਿੰਗ ਸੰਪੰਨ
ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਅਧਿਕਾਰੀਆਂ ਨੂੰ ਜਨਗਣਨਾ ਦੀ ਪ੍ਰਕਿਰਿਆ ਬਾਰੇ ਕੀਤਾ ਜਾਣੂ 30 ਅਪ੍ਰੈਲ ਤੋਂ ਸੈਲਫ਼ ਇਨਿਊਮੇਰੇਸ਼ਨ, 15 ਮਈ ਤੋਂ ਸ਼ੁਰੂ ਹੋਵੇਗਾ ਹਾਉਸਲਿਸਟਿੰਗ ਫ਼ੀਲਡਵਰਕ
ਐੱਸ.ਏ.ਐੱਸ. ਨਗਰ, 7 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ):
ਅਗਾਮੀ ਜਨਗਣਨਾ-2027 ਦੀਆਂ ਤਿਆਰੀਆਂ ਦੇ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਾਉਸਲਿਸਟਿੰਗ ਅਤੇ ਹਾਊਸਿੰਗ ਜਨਗਣਨਾ ਸਬੰਧੀ ਜ਼ਿਲ੍ਹਾ/ਚਾਰਜ ਅਫ਼ਸਰਾਂ ਅਤੇ ਰੈਗੂਲਰ/ਤਕਨੀਕੀ ਸਹਾਇਕਾਂ ਲਈ ਦੋ ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਸਫਲਤਾਪੂਰਵਕ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਗੀਤਿਕਾ ਸਿੰਘ ਨੇ ਦੱਸਿਆ ਕਿ ਇਹ ਟ੍ਰੇਨਿੰਗ ਜਨਗਣਨਾ ਵਿਭਾਗ ਪੰਜਾਬ, ਚੰਡੀਗੜ੍ਹ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ, ਜਿਸ ਦੌਰਾਨ ਭਾਗੀਦਾਰਾਂ ਨੂੰ ਜਨਗਣਨਾ ਦੀ ਪ੍ਰਕਿਰਿਆ, ਜ਼ਿੰਮੇਵਾਰੀਆਂ ਅਤੇ ਕਾਰਜ-ਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਹੋਏ ਸੈਸ਼ਨ ਕਾਫ਼ੀ ਜਾਣਕਾਰੀ ਭਰਪੂਰ ਰਹੇ। ਇਸ ਦੌਰਾਨ ਭਾਗੀਦਾਰਾਂ ਨੂੰ ਜਨਗਣਨਾ-2027 ਨਾਲ ਸੰਬੰਧਿਤ ਭੂਮਿਕਾਵਾਂ, ਕਾਨੂੰਨੀ ਪ੍ਰਾਵਧਾਨਾਂ, ਹਾਉਸਲਿਸਟਿੰਗ ਓਪਰੇਸ਼ਨ ਸ਼ੈਡਿਊਲ ਅਤੇ ਜਨਗਣਨਾ ਪ੍ਰਬੰਧਨ ਤੇ ਨਿਗਰਾਨੀ ਪ੍ਰਣਾਲੀ ਮੋਡੀਊਲ ਸਮੇਤ ਹਾਉਸਲਿਸਟਿੰਗ ਓਪਰੇਸ਼ਨ ਦੇ ਪ੍ਰਬੰਧਨ ਅਤੇ ਮਾਨੀਟਰਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਵਿੱਚ ਸ਼ਾਮਲ ਅਧਿਕਾਰੀਆਂ ਨੇ ਸੈਸ਼ਨਾਂ ਦੌਰਾਨ ਸਵਾਲ-ਜਵਾਬ ਕਰਦੇ ਹੋਏ ਵੱਖ-ਵੱਖ ਮੋਡੀਊਲਾਂ ਸਬੰਧੀ ਆਪਣੇ ਸ਼ੰਕੇ ਵੀ ਦੂਰ ਕੀਤੇ।
ਏ.ਡੀ.ਸੀ. ਗੀਤਿਕਾ ਸਿੰਘ ਨੇ ਦੱਸਿਆ ਕਿ ਜਨਗਣਨਾ ਦਾ ਨਾਅਰਾ “ਜਨਗਣਨਾ ਸੇ ਜਨਕਲਿਆਣ” ਹੈ, ਜੋ ਦੇਸ਼ ਦੀ ਸਮਾਜਿਕ ਅਤੇ ਆਰਥਿਕ ਯੋਜਨਾ ਬਣਾਉਣ ਵਿੱਚ ਇਸ ਪ੍ਰਕਿਰਿਆ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਦੇਸ਼ ਦੇ ਵਿਕਾਸ ਅਤੇ ਭਵਿੱਖੀ ਨੀਤੀਆਂ ਦਾ ਅਹਿਮ ਅਧਾਰ ਬਣਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਨਗਣਨਾ ਪ੍ਰਕਿਰਿਆ ਦੇ ਤਹਿਤ ਸੈਲਫ਼ ਇਨਿਊਮੇਰੇਸ਼ਨ (ਸਵੈ ਗਣਨਾ) ਦੀ ਪ੍ਰਕਿਰਿਆ 30 ਅਪ੍ਰੈਲ ਤੋਂ 14 ਮਈ 2026 ਤੱਕ ਚੱਲੇਗੀ, ਜਦਕਿ ਹਾਉਸਲਿਸਟਿੰਗ ਅਤੇ ਹਾਊਸਿੰਗ ਜਨਗਣਨਾ ਦਾ ਫ਼ੀਲਡਵਰਕ 15 ਮਈ ਤੋਂ 13 ਜੂਨ 2026 ਤੱਕ ਕੀਤਾ ਜਾਵੇਗਾ। ਇਸ ਦੌਰਾਨ ਘਰ-ਘਰ ਜਾ ਕੇ ਘਰਾਂ ਅਤੇ ਆਬਾਦੀ ਨਾਲ ਸੰਬੰਧਿਤ ਮੁੱਢਲੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ।
ਏ.ਡੀ.ਸੀ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਮਾਸਟਰ ਟ੍ਰੇਨਰਾਂ ਦੀ ਚੋਣ ਕਰ ਲਈ ਗਈ ਹੈ, ਜੋ ਚੰਡੀਗੜ੍ਹ ਵਿਖੇ ਹੋਣ ਵਾਲੀ ਅਗਲੀ ਟ੍ਰੇਨਿੰਗ ਵਿੱਚ ਭਾਗ ਲੈਣਗੇ। ਇਸ ਤੋਂ ਬਾਅਦ ਇਹ ਮਾਸਟਰ ਟ੍ਰੇਨਰ ਜ਼ਿਲ੍ਹੇ ਦੇ ਫ਼ੀਲਡ ਟ੍ਰੇਨਰਾਂ ਨੂੰ ਟ੍ਰੇਨਿੰਗ ਦੇਣਗੇ ਅਤੇ ਇਸ ਲੜੀ ਨੂੰ ਅੱਗੇ ਵਧਾਉਂਦੇ ਹੋਏ ਇਨਿਊਮੇਰੇਟਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਵੀ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਨਗਣਨਾ ਸੈੱਲ ਵੱਲੋਂ ਟ੍ਰੇਨਿੰਗ ਦੇ ਸੁਚਾਰੂ ਆਯੋਜਨ ਨੂੰ ਯਕੀਨੀ ਬਣਾਇਆ ਗਿਆ, ਜਿਸ ਵਿੱਚ ਖ਼ਾਸ ਤੌਰ ‘ਤੇ ਸ੍ਰੀ ਰਣਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਮਹੱਤਵਪੂਰਣ ਭੂਮਿਕਾ ਨਿਭਾਈ ਗਈ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਖ਼ਾਸ ਤੌਰ ‘ਤੇ ਚਾਰਜ ਅਫ਼ਸਰਾਂ ਅਤੇ ਤਕਨੀਕੀ ਸਹਾਇਕਾਂ ਲਈ ਕਰਵਾਈ ਗਈ ਸੀ, ਜਿਸ ਨਾਲ ਜ਼ਿਲ੍ਹੇ ਵਿੱਚ ਜਨਗਣਨਾ ਦੀ ਪ੍ਰਕਿਰਿਆ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ।
Comments are closed.