ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਹਸਪਤਾਲਾਂ ਦੀ ਪਾਰਕਿੰਗ ਦਾ ਮੁੱਦਾ ਉਠਾਇਆ

ਮੋਹਾਲੀ ਦੇ ਨਿੱਜੀ ਹਸਪਤਾਲਾਂ ਵੱਲੋਂ ਪਾਰਕਿੰਗ ਨਿਯਮਾਂ ਦੀ ਉਲੰਘਣਾ ’ਤੇ ਕਾਰਵਾਈ ਦੀ ਮੰਗ; ਮੰਤਰੀ ਨੇ ਜਲਦ ਹੱਲ ਦਾ ਭਰੋਸਾ ਦਿੱਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਮੋਹਾਲੀ ਸ਼ਹਿਰ ਵਿੱਚ ਸਥਿਤ ਕੁਝ ਨਿੱਜੀ ਹਸਪਤਾਲਾਂ ਵੱਲੋਂ ਪਾਰਕਿੰਗ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉਹ ਪਹਿਲਾਂ ਵੀ ਸਾਲ 2024 ਦੇ ਬਜਟ ਸੈਸ਼ਨ ਦੌਰਾਨ ਉਠਾ ਚੁੱਕੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੋਹਾਲੀ ਦੇ ਕੁਝ ਵੱਡੇ ਹਸਪਤਾਲਾਂ, ਜਿਵੇਂ ਕਿ ਮੈਕਸ ਹਸਪਤਾਲ, ਗ੍ਰੇਸ਼ੀਅਨ ਹਸਪਤਾਲ ਅਤੇ ਮਾਇਓ ਹਸਪਤਾਲ ਵੱਲੋਂ ਪਾਰਕਿੰਗ ਲਈ ਰੱਖੀ ਗਈ ਜਗ੍ਹਾ ਦਾ ਇਸਤੇਮਾਲ ਹੋਰ ਕਮਰਸ਼ੀਅਲ ਗਤੀਵਿਧੀਆਂ ਲਈ ਕੀਤਾ ਜਾ ਰਿਹਾ ਹੈ, ਜੋ ਨਿਯਮਾਂ ਦੀ ਉਲੰਘਣਾ ਹੈ।

ਉਨ੍ਹਾਂ ਕਿਹਾ ਕਿ ਇਸ ਕਾਰਨ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਵਧ ਰਹੀ ਹੈ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਪਹਿਲਾਂ ਵੀ ਸਬੰਧਤ ਵਿਭਾਗ ਵੱਲੋਂ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਹੋਣ ਦੀ ਪੁਸ਼ਟੀ ਵੀ ਹੋਈ ਸੀ। ਇਸ ਦੇ ਬਾਵਜੂਦ ਹੁਣ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ।

ਉਨ੍ਹਾਂ ਇਹ ਵੀ ਦੱਸਿਆ ਕਿ ਕੁਝ ਹਸਪਤਾਲਾਂ ਵੱਲੋਂ ਗ੍ਰੀਨ ਏਰੀਆ ਵਿੱਚ ਵੀ ਪਾਰਕਿੰਗ ਕੀਤੀ ਜਾ ਰਹੀ ਹੈ, ਜੋ ਨਿਯਮਾਂ ਦੇ ਖ਼ਿਲਾਫ਼ ਹੈ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਵਿਭਾਗ ਨੂੰ ਕਈ ਪੱਤਰ ਵੀ ਲਿਖੇ ਗਏ ਹਨ ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਹੋਇਆ।

ਇਸ ਮੌਕੇ ਜਵਾਬ ਦਿੰਦਿਆਂ ਸਬੰਧਤ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਸ ਮਾਮਲੇ ’ਤੇ ਮੁੜ ਨੋਟਿਸ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਇਸ ਸੰਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਿਧਾਨ ਸਭਾ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਦੋ ਤੋਂ ਤਿੰਨ ਮਹੀਨਿਆਂ ਵਿੱਚ ਇਸ ਸਮੱਸਿਆ ਦਾ ਢੁਕਵਾਂ ਹੱਲ ਕਰਵਾ ਦਿੱਤਾ ਜਾਵੇਗਾ।

Comments are closed.