ਹਾੜੀ ਦੀਆਂ ਫਸਲਾਂ ਦੀ ਰਹਿੰਦ-ਖੁਹੰਦ ਖੇਤਾਂ ਵਿੱਚ ਸੰਭਾਲਣ ਲਈ ਕਿਸਾਨਾਂ ਨੂੰ ਅਪੀਲ
ਪਿੰਡ ਸ਼ਾਮਪੁਰ ਵਿੱਚ ਕਿਸਾਨ ਸਿਖਲਾਈ ਕੈਂਪ, ਫਸਲੀ ਅਵਸ਼ੇਸ਼ ਨਾ ਸਾੜਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ’ਤੇ ਜ਼ੋਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ): ਮੁੱਖ ਖੇਤੀਬਾੜੀ ਅਫਸਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਸ਼ਾਮਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਡਾ. ਸ਼ੁਭਕਰਨ ਸਿੰਘ, ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਦਾ ਆਯੋਜਨ ਡਾ. ਸੁੱਚਾ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਅਤੇ ਸ੍ਰੀਮਤੀ ਦਿਵਿਆ, ਖੇਤੀਬਾੜੀ ਉਪ ਨਿਰੀਖਕ ਵੱਲੋਂ ਕੀਤਾ ਗਿਆ।
ਇਸ ਮੌਕੇ ਡਾ. ਜਸਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਜਿਵੇਂ ਕਿ ਕਣਕ, ਗੰਨਾ ਅਤੇ ਸਰੋਂ ਦੀ ਰਹਿੰਦ-ਖੁਹੰਦ ਨੂੰ ਖੇਤਾਂ ਵਿੱਚ ਮਿਲਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਮੀਨ ਵਿੱਚ ਮੱਲੜ ਦੀ ਮਾਤਰਾ ਵਧਦੀ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਫਸਲੀ ਅਵਸ਼ੇਸ਼ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਇਸ ਵਾਰ ਸੈਟੇਲਾਈਟ ਰਾਹੀਂ ਨਿਗਰਾਨੀ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਾ. ਸੁੱਚਾ ਸਿੰਘ ਵੱਲੋਂ ਹਾੜੀ ਦੀਆਂ ਫਸਲਾਂ ਦੇ ਸੁੱਚਜੇ ਮੰਡੀਕਰਨ ਅਤੇ ਸੁਰੱਖਿਅਤ ਭੰਡਾਰਨ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਡਾ. ਗਗਨਦੀਪ ਸਿੰਘ, ਬਲਾਕ ਟੈਕਨੋਲੋਜੀ ਮੈਨੇਜਰ ਨੇ ਆਤਮਾ ਸਕੀਮ ਅਧੀਨ ਚੱਲ ਰਹੀਆਂ ਗਤੀਵਿਧੀਆਂ, ਕਿਸਾਨ ਬੀਬੀਆਂ ਦੀ ਕਿੱਤਾ-ਮੁੱਖੀ ਟਰੇਨਿੰਗ ਅਤੇ ਸਹਾਇਕ ਧੰਦਿਆਂ ਬਾਰੇ ਵੀ ਜਾਣੂ ਕਰਵਾਇਆ।
ਸ੍ਰੀਮਤੀ ਦਿਵਿਆ, ਖੇਤੀਬਾੜੀ ਉਪ ਨਿਰੀਖਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ’ਤੇ ਜਾ ਕੇ ਆਧਾਰ ਕਾਰਡ, ਫਰਦ ਅਤੇ ਆਧਾਰ ਨਾਲ ਜੁੜੇ ਮੋਬਾਇਲ ਨੰਬਰ ਦੇ ਜ਼ਰੀਏ ਆਪਣੀ ਕਿਸਾਨ ਆਈ.ਡੀ. ਤਿਆਰ ਕਰਵਾਉਣ। ਉਨ੍ਹਾਂ ਦੱਸਿਆ ਕਿ ਆਈ.ਡੀ. ਬਿਨਾਂ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਨਹੀਂ ਲੈ ਸਕਣਗੇ।
ਕੈਂਪ ਦੌਰਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ।
Comments are closed.