ਤਰਨ ਤਾਰਨ ਵਿੱਚ ਮੁਫ਼ਤ ਸਰਵਾਈਕਲ ਕੈਂਸਰ ਟੀਕਾਕਰਨ ਕੈਂਪ ਲਗਾਤਾਰ ਜਾਰੀ

14 ਸਾਲ ਦੀਆਂ ਲੜਕੀਆਂ ਲਈ ਐਚ.ਪੀ.ਵੀ ਵੈਕਸੀਨ ਮੁਫ਼ਤ, ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਜਾਗਰੂਕਤਾ ਦੀ ਅਪੀਲ

ਤਰਨ ਤਾਰਨ, 18 ਮਾਰਚ (ਨਵਦੀਪ ਸ਼ੰਟੀ):
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਸਿਹਤ ਸੁਰੱਖਿਆ ਲਈ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਰਾਜ ਵਿੱਚ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੁੜੀਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਲਗਭਗ 4000 ਰੁਪਏ ਦੀ ਕੀਮਤ ਵਾਲੀ ਐਚ.ਪੀ.ਵੀ (ਹਿਊਮਨ ਪੈਪਿਲੋਮਾ ਵਾਇਰਸ) ਵੈਕਸੀਨ ਹੁਣ ਸਰਕਾਰ ਵੱਲੋਂ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਵੈਕਸੀਨ ਖ਼ਾਸ ਤੌਰ ‘ਤੇ 14 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ ਲੜਕੀਆਂ ਲਈ ਹੈ, ਜੋ ਉਨ੍ਹਾਂ ਨੂੰ ਇਸ ਖਤਰਨਾਕ ਬਿਮਾਰੀ ਤੋਂ ਬਚਾਉਣ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ।

ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਵਿੱਚੋਂ ਇੱਕ ਹੈ, ਜੋ ਗਰਭਾਸ਼ਯ ਦੇ ਹੇਠਲੇ ਹਿੱਸੇ ਵਿੱਚ ਹੁੰਦਾ ਹੈ ਅਤੇ ਇਸ ਦਾ ਮੁੱਖ ਕਾਰਨ ਐਚ.ਪੀ.ਵੀ ਵਾਇਰਸ ਹੈ। ਸਮੇਂ ਸਿਰ ਟੀਕਾਕਰਨ ਇਸ ਬਿਮਾਰੀ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ।
ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਅਤੇ ਕੈਂਪਾਂ ਵਿੱਚ ਯੋਗ ਲੜਕੀਆਂ ਨੂੰ ਮੁਫ਼ਤ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੇਟੀਆਂ ਦਾ ਸਮੇਂ ‘ਤੇ ਟੀਕਾਕਰਨ ਕਰਵਾਉਣ ਤਾਂ ਜੋ ਭਵਿੱਖ ਵਿੱਚ ਇਸ ਗੰਭੀਰ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ “ਜੇਕਰ ਸਾਡੀਆਂ ਬੇਟੀਆਂ ਸੁਰੱਖਿਅਤ ਹਨ, ਤਾਂ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਸੁਰੱਖਿਅਤ ਰਹਿਣਗੀਆਂ।” ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।

Comments are closed.