ਪਿੰਡ ਲਖਨੌਰ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੀਤੀ ਪਡਿਆਲਾ ਨੇ ਕੀਤੀ ਅਹਿਮ ਮੀਟਿੰਗ

ਵਰਕਰ ਹੀ ਪਾਰਟੀ ਦੀ ਰੀੜ ਦੀ ਹੱਡੀ ਹਨ: ਜੀਤੀ ਪਡਿਆਲਾ • ਸੰਗਠਨ ਮਜ਼ਬੂਤੀ ਤੇ ਚੋਣੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ

ਐਸ.ਏ.ਐਸ. ਨਗਰ, 24 ਮਾਰਚ (ਪੁਸ਼ਪਿੰਦਰ ਸਿੰਘ ਕੁਰਾਲੀ):
ਅੱਜ ਹਲਕਾ ਖਰੜ ਦੇ ਪਿੰਡ ਲਖਨੌਰ ਵਿਖੇ ਰਣਜੀਤ ਸਿੰਘ ਜੀਤੀ ਪਡਿਆਲਾ, ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਕਾਂਗਰਸੀ ਵਰਕਰਾਂ ਅਤੇ ਇਲਾਕੇ ਦੇ ਆਗੂਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਦੀ ਲਾਮਬੰਦੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕਾਂ ਦੇ ਹੱਕਾਂ ਅਤੇ ਭਲਾਈ ਲਈ ਸੰਘਰਸ਼ ਕਰਦੀ ਆਈ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਦਾ ਜਵਾਬ ਦੇਣ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲੀ ਤਾਕਤ ਹੁੰਦੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਾਂਗਰਸੀ ਵਰਕਰ ਇਕਜੁੱਟ ਹੋ ਕੇ ਮਿਹਨਤ ਕਰਨ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਜਿੱਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਵਿਕਾਸ, ਰੋਜ਼ਗਾਰ ਅਤੇ ਕਾਨੂੰਨ-ਵਿਵਸਥਾ ਵਰਗੇ ਮੁੱਦਿਆਂ ‘ਤੇ ਹੱਲ ਦੀ ਉਮੀਦ ਕਰ ਰਹੇ ਹਨ।

ਮੀਟਿੰਗ ਦੌਰਾਨ ਵਰਕਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਭਰੋਸਾ ਦਿੱਤਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਇਸ ਮੌਕੇ ਸਰਪੰਚ ਰਜਿੰਦਰ ਮਸੀਹ, ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦੀ, ਨੰਬਰਦਾਰ ਸੋਹਣ ਸਿੰਘ, ਬਲਬੀਰ ਸਿੰਘ, ਹਰਵਿੰਦਰ ਸਿੰਘ, ਸਤਿੰਦਰ ਸਿੰਘ ਸੱਤੀ ਅਤੇ ਸਾਬਕਾ ਪੰਚ ਗੁਰਚਰਨ ਸਿੰਘ ਵੀ ਮੌਜੂਦ ਸਨ।

Comments are closed.