ਭਾਜਪਾ ਨੇ ਪਿੰਡ ਕਾਲੇਵਾਲ ਵਿੱਚ ਮਨਾਇਆ 47ਵਾਂ ਸਥਾਪਨਾ ਦਿਵਸ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੱਲੋਂ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ: ਸੰਧੂ

ਐਸ.ਏ.ਐਸ. ਨਗਰ, 7 ਅਪ੍ਰੈਲ (ਪੁਸ਼ਪਿੰਦਰ ਸਿੰਘ ਕੁਰਾਲੀ):
ਪਿੰਡ ਕਾਲੇਵਾਲ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਦੀ ਅਗਵਾਈ ਹੇਠ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਭਾਜਪਾ ਦੇ ਜੰਮੂ-ਕਸ਼ਮੀਰ ਇੰਚਾਰਜ ਰਵਿੰਦਰ ਰੈਣਾ, ਰਣਜੀਤ ਸਿੰਘ ਗਿੱਲ, ਪਰਮਿੰਦਰ ਸਿੰਘ ਬਰਾੜ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ। ਆਗੂਆਂ ਨੇ ਪੰਜਾਬ ਨੂੰ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਸੰਕਟ ਵਿੱਚੋਂ ਕੱਢਣ ਲਈ ਭਾਜਪਾ ਨੂੰ ਮੌਕਾ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਵੱਡੇ ਅਤੇ ਦ੍ਰਿੜ ਫੈਸਲੇ ਲੈਣੇ ਜ਼ਰੂਰੀ ਹਨ, ਜੋ ਸਿਰਫ ਭਾਜਪਾ ਹੀ ਲੈ ਸਕਦੀ ਹੈ। ਉਨ੍ਹਾਂ ਚਰਨਜੀਤ ਸਿੰਘ ਕਾਲੇਵਾਲ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਨਵੀਆਂ ਉਚਾਈਆਂ ਹਾਸਲ ਕੀਤੀਆਂ ਹਨ ਅਤੇ ਹਰ ਵਰਗ ਦੀ ਭਲਾਈ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਚਲਾਈਆਂ ਗਈਆਂ ਹਨ। ਇਸ ਮੌਕੇ ਸੰਧੂ ਨੇ ਪ੍ਰਧਾਨ ਮੰਤਰੀ ਯੋਜਨਾ ਤਹਿਤ ਪਿੰਡ ਕਾਲੇਵਾਲ ਵਿੱਚ 18 ਫੁੱਟ ਚੌੜੀ ਸੜਕ ਬਣਾਉਣ ਦਾ ਐਲਾਨ ਕੀਤਾ ਅਤੇ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵਾਅਦਾ ਕੀਤਾ।
ਭਾਜਪਾ ਦੇ ਪੰਜਾਬ ਪ੍ਰਭਾਰੀ ਰਵਿੰਦਰ ਰੈਣਾ ਨੇ ਕਿਹਾ ਕਿ ਭਾਜਪਾ ਹਮੇਸ਼ਾਂ ਲੋਕ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਪੰਜਾਬ ਵਿੱਚ ਵਿਕਾਸ, ਰੋਜ਼ਗਾਰ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ।

ਇਸ ਦੌਰਾਨ ਰਣਜੀਤ ਸਿੰਘ ਗਿੱਲ ਨੇ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਾਂ ਅਤੇ ਭ੍ਰਿਸ਼ਟਾਚਾਰ ਦਾ ਕੇਂਦਰ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੂੰ ਸਾਜ਼ਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ, ਰਕੇਸ਼ ਅੱਗਰਵਾਲ, ਖੁਸ਼ਵੰਤ ਰਾਏ ਗੀਗਾ ਅਤੇ ਦਰਸ਼ਨ ਸਿੰਘ ਸ਼ਿਵਜੋਤ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ ਅਤੇ ਕਿਹਾ ਕਿ ਚਰਨਜੀਤ ਸਿੰਘ ਕਾਲੇਵਾਲ ਦੇ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।

ਅੰਤ ਵਿੱਚ ਚਰਨਜੀਤ ਸਿੰਘ ਕਾਲੇਵਾਲ ਨੇ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਅਤੇ ਇਲਾਕੇ ਦੇ ਮੋਹਤਬਰ ਵਿਅਕਤੀ ਮੌਜੂਦ ਸਨ।

Comments are closed.