ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ
ਲੋਕਾਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਬਚਾਅ ਬਾਰੇ ਕੀਤਾ ਜਾਗਰੂਕ, ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਜਾਂਚ ਤੇ ਇਲਾਜ ਉਪਲਬਧ
ਤਰਨ ਤਾਰਨ, 25 ਅਪ੍ਰੈਲ (ਨਵਦੀਪ ਸ਼ੈਂਟੀ):
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਹਰ ਸਾਲ 25 ਅਪ੍ਰੈਲ ਨੂੰ ਦੁਨੀਆ ਭਰ ਵਿੱਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ, ਜਿਸਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਪੀ.ਐਚ.ਸੀ ਅਤੇ ਸਬ-ਸੈਂਟਰਾਂ ਵਿੱਚ ਮਲੇਰੀਆ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ।
ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਰਾਘਵ ਗੁਪਤਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ, ਭੱਠਿਆਂ ਅਤੇ ਹੋਰ ਹਾਈ ਰਿਸਕ ਸਥਾਨਾਂ ‘ਤੇ ਆਈ.ਈ.ਸੀ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਮਲੇਰੀਆ ਦੇ ਮੁੱਖ ਲੱਛਣਾਂ ਬਾਰੇ ਦੱਸਦਿਆਂ ਕਿਹਾ ਕਿ ਤੇਜ਼ ਬੁਖਾਰ, ਠੰਢ ਲੱਗ ਕੇ ਬੁਖਾਰ ਚੜ੍ਹਨਾ, ਪਸੀਨਾ ਆ ਕੇ ਉਤਰਣਾ, ਸਿਰ ਦਰਦ, ਥਕਾਵਟ, ਸਰੀਰ ਦਰਦ ਅਤੇ ਕੰਬਣੀ ਆਉਣਾ ਇਸ ਦੇ ਆਮ ਲੱਛਣ ਹਨ।
ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਇਹ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਹ ਜਾਂਚ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੀ ਜਾਂਦੀ ਹੈ ਅਤੇ ਮਰੀਜ਼ਾਂ ਨੂੰ ਰੈਡੀਕਲ ਟ੍ਰੀਟਮੈਂਟ ਵੀ ਬਿਲਕੁਲ ਮੁਫ਼ਤ ਦਿੱਤਾ ਜਾਂਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਖੜ੍ਹੇ ਪਾਣੀ ਵਿੱਚ ਕਾਲਾ ਤੇਲ ਛਿੜਕਣ ਅਤੇ ਮੌਸਮ ਅਨੁਸਾਰ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ, ਤਾਂ ਜੋ ਮੱਛਰਾਂ ਦੇ ਕੱਟਣ ਤੋਂ ਬਚਿਆ ਜਾ ਸਕੇ। ਸਾਫ਼-ਸੁਥਰਾ ਵਾਤਾਵਰਣ ਬਣਾਕੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਲੱਛਣ ਦਿਖਾਈ ਦੇਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ‘ਤੇ ਜਾ ਕੇ ਮੁਫ਼ਤ ਜਾਂਚ ਅਤੇ ਇਲਾਜ ਕਰਵਾਉਣ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਭਾਰਤੀ ਧਵਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਡੀ.ਡੀ.ਐਚ.ਓ ਸੰਦੀਪ ਬੰਬੁਰੀਆ, ਐਸ.ਐਮ.ਓ ਡਾ. ਸੁਰਿੰਦਰ ਕੁਮਾਰ, ਮਾਸ ਮੀਡੀਆ ਅਫ਼ਸਰ ਬਲਜਿੰਦਰ ਕੌਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Comments are closed.