ਭਾਈਚਾਰੇ ਦੇ ਸਹਿਯੋਗ ਨਾਲ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਨੂੰ ਕਾਬੂ ਕੀਤਾ ਜਾ ਸਕਦਾ ਹੈ – ਡਾ. ਗੁਰਪ੍ਰੀਤ ਸਿੰਘ ਰਾਏ
ਅਰਬਨ ਖੇਤਰਾਂ ਵਿੱਚ ‘ਡਰਾਈ ਡੇਅ’ ਮੌਕੇ ਟੀਮਾਂ ਵੱਲੋਂ ਘਰ-ਘਰ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ
ਤਰਨ ਤਾਰਨ, 19 ਅਪ੍ਰੈਲ:
ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਲਈ ਭਾਈਚਾਰੇ ਦੇ ਪੱਧਰ ‘ਤੇ ਮਿਲਜੁਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਹਰ ਵਿਅਕਤੀ ਆਪਣੇ ਘਰ ਤੋਂ ਕਰੇ।
ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਰਾਘਵ ਗੁਪਤਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਅਤੇ ਹੈਲਥ ਸੁਪਰਵਾਈਜ਼ਰ ਗੁਰਦੇਵ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਅਰਬਨ ਅਤੇ ਨੇੜਲੇ ਇਲਾਕਿਆਂ ਵਿੱਚ ‘ਡਰਾਈ ਡੇਅ’ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।
ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਬੁਖ਼ਾਰ ਅਤੇ ਇਸ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਐਡਿਸ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਦੇ ਸਮੇਂ ਕੱਟਦਾ ਹੈ।
ਲੋਕਾਂ ਨੂੰ ਸਲਾਹ ਦਿੱਤੀ ਗਈ ਕਿ ਘਰਾਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ, ਛੱਤਾਂ, ਟਾਇਰਾਂ, ਟੈਂਕੀਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਬਾਰਿਸ਼ ਦਾ ਪਾਣੀ ਇਕੱਠਾ ਨਾ ਹੋਣ ਦੇਣ ਲਈ ਖਾਸ ਧਿਆਨ ਰੱਖਣ ਲਈ ਵੀ ਕਿਹਾ ਗਿਆ।
ਸਿਹਤ ਵਿਭਾਗ ਵੱਲੋਂ ਦੱਸਿਆ ਗਿਆ ਕਿ ਡੇਂਗੂ ਦੇ ਲੱਛਣਾਂ ਵਿੱਚ ਬੁਖ਼ਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਮਸੂੜਿਆਂ ਵਿੱਚੋਂ ਖੂਨ ਆਉਣਾ ਅਤੇ ਉਲਟੀਆਂ ਆਉਣਾ ਸ਼ਾਮਲ ਹਨ। ਬਚਾਅ ਲਈ ਪੂਰੇ ਸਰੀਰ ਨੂੰ ਢੱਕ ਕੇ ਰੱਖਣਾ, ਮੱਛਰਦਾਨੀ ਦੀ ਵਰਤੋਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ।
ਉਨ੍ਹਾਂ ਇਹ ਵੀ ਦੱਸਿਆ ਕਿ ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਹੈ। ਇਸ ਦੌਰਾਨ ਟੀਮਾਂ ਵੱਲੋਂ ਕੂਲਰਾਂ, ਫਰਿੱਜਾਂ, ਗਮਲਿਆਂ ਅਤੇ ਹੋਰ ਥਾਵਾਂ ‘ਤੇ ਲਾਰਵਾ ਦੀ ਜਾਂਚ ਕੀਤੀ ਗਈ ਅਤੇ ਜਿੱਥੇ ਵੀ ਲਾਰਵਾ ਮਿਲਿਆ, ਉਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ।
ਇਸ ਮੌਕੇ ਐਂਟੀ ਲਾਰਵਾ ਬ੍ਰਾਂਚ ਦੇ ਕਰਮਚਾਰੀ ਮਨਜਿੰਦਰ ਸਿੰਘ, ਜਸਪਿੰਦਰ ਸਿੰਘ ਅਤੇ ਪ੍ਰਦੀਪ ਸਿੰਘ ਆਦਿ ਹਾਜ਼ਰ ਸਨ।