ਜ਼ਿਲ੍ਹੇ ਵਿੱਚ ਗੈਸ ਸਿਲੰਡਰ ਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ
ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਲੋੜ ਅਨੁਸਾਰ ਹੀ ਬੁਕਿੰਗ/ਖ਼ਰੀਦ ਕਰਨ ਦੀ ਅਪੀਲ
ਤਰਨ ਤਾਰਨ, 2 ਅਪ੍ਰੈਲ (ਨਵਦੀਪ ਸ਼ੈਂਟੀ):
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰੇਲੂ ਗੈਸ ਸਿਲੰਡਰਾਂ ਅਤੇ ਪੈਟਰੋਲ/ਡੀਜ਼ਲ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਪ੍ਰਚੂਰ ਸਟਾਕ ਉਪਲਬੱਧ ਹੈ ਅਤੇ ਸਪਲਾਈ ਲਗਾਤਾਰ ਜਾਰੀ ਹੈ। ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਗੈਸ ਬੁਕਿੰਗ ਲਈ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ, ਜਿਸ ਅਨੁਸਾਰ ਪੇਂਡੂ ਖੇਤਰਾਂ ਵਿੱਚ 45 ਦਿਨਾਂ ਬਾਅਦ ਅਤੇ ਸ਼ਹਿਰੀ ਖੇਤਰਾਂ ਵਿੱਚ 25 ਦਿਨਾਂ ਬਾਅਦ ਹੀ ਗੈਸ ਸਿਲੰਡਰ ਬੁਕ ਕਰਵਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਸ ਪ੍ਰਬੰਧ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ ਤੱਕ ਸਮੇਂ ਸਿਰ ਗੈਸ ਪਹੁੰਚ ਸਕੇ ਅਤੇ ਕਿਸੇ ਨੂੰ ਵੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਅਫ਼ਵਾਹਾਂ ਜਾਂ ਗ਼ਲਤ ਜਾਣਕਾਰੀ ਕਾਰਨ ਲੋਕ ਵੱਧ ਗੈਸ ਸਿਲੰਡਰ ਬੁਕ ਕਰਵਾ ਲੈਂਦੇ ਹਨ, ਜਿਸ ਨਾਲ ਹੋਰ ਲੋਕਾਂ ਨੂੰ ਮੁਸ਼ਕਿਲਾਂ ਪੈ ਸਕਦੀਆਂ ਹਨ। ਇਸ ਲਈ ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਆਪਣੀ ਲੋੜ ਅਨੁਸਾਰ ਹੀ ਗੈਸ ਬੁਕਿੰਗ ਕਰਵਾਉਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਦੀ ਕੋਈ ਘਾਟ ਨਹੀਂ ਹੈ ਅਤੇ ਪੂਰਾ ਸਟਾਕ ਉਪਲਬੱਧ ਹੈ। ਇਸ ਲਈ ਲੋਕ ਘਬਰਾਹਟ ਵਿੱਚ ਆ ਕੇ ਵੱਧ ਮਾਤਰਾ ਵਿੱਚ ਤੇਲ ਖਰੀਦ ਕੇ ਸਟਾਕ ਨਾ ਕਰਨ।
ਅਖੀਰ ਵਿੱਚ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਜ਼ਰੂਰੀ ਕਦਮ ਚੁੱਕਿਆ ਜਾ ਰਿਹਾ ਹੈ, ਤਾਂ ਜੋ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Comments are closed.