ਪੰਜਾਬ ਵਿੱਚ ਹੋ ਰਹੇ ਬੰਬ ਧਮਾਕੇ ‘ਆਪ’ ਸਰਕਾਰ ਦੀ ਨਾਕਾਮੀ ਦਾ ਸਬੂਤ: ਗਿਆਨ ਸਿੰਘ ਛੱਤ
ਕਾਨੂੰਨ ਵਿਵਸਥਾ ਸੰਭਾਲਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਸਰਕਾਰ, 2027 ਵਿੱਚ ਕਾਂਗਰਸ ਨੂੰ ਮੌਕਾ ਦੇਣ ਦੀ ਕੀਤੀ ਅਪੀਲ
ਚੰਡੀਗੜ੍ਹ, 7 ਮਈ (ਪੁਸ਼ਪਿੰਦਰ ਸਿੰਘ): ਬੀਤੇ ਦਿਨੀਂ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕਿਆਂ ਤੋਂ ਬਾਅਦ ਪੂਰੇ ਪੰਜਾਬ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ ਘਟਨਾਵਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਖਰੜ ਤੋਂ ਗਿਆਨ ਸਿੰਘ ਛੱਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਇਸਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਕਾਨੂੰਨ ਵਿਵਸਥਾ ਨੂੰ ਸੰਭਾਲਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ, ਬੇਰੁਜ਼ਗਾਰੀ ਦੂਰ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਮੌਜੂਦਾ ਹਾਲਾਤਾਂ ਵਿੱਚ ਗੈਂਗਸਟਰਵਾਦ, ਨਸ਼ੇ ਅਤੇ ਬੇਰੁਜ਼ਗਾਰੀ ਨੇ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਆਪਣੀ ਲਪੇਟ ਵਿੱਚ ਲੈ ਲਿਆ ਹੈ।
ਗਿਆਨ ਸਿੰਘ ਛੱਤ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਨੂੰ ਦੇਸ਼ ਦੇ ਸਭ ਤੋਂ ਸੁਰੱਖਿਅਤ ਸੂਬਿਆਂ ਵਿੱਚ ਸ਼ੁਮਾਰ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਪਹਿਲਾਂ ਬਿਹਾਰ ਅਤੇ ਉੱਤਰ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਸੁਣਨ ਨੂੰ ਮਿਲਦੇ ਸਨ, ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਦੇ ਹਾਲਾਤ ਉਨ੍ਹਾਂ ਸੂਬਿਆਂ ਨਾਲੋਂ ਵੀ ਵੱਧ ਚਿੰਤਾਜਨਕ ਹੋ ਗਏ ਹਨ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਕਾਂਗਰਸ ਪਾਰਟੀ ਨੂੰ ਮੌਕਾ ਦਿੱਤਾ ਜਾਵੇ ਤਾਂ ਜੋ ਸੂਬੇ ਵਿੱਚ ਦੁਬਾਰਾ ਸ਼ਾਂਤੀ ਦਾ ਮਾਹੌਲ ਬਣੇ ਅਤੇ ਕਾਨੂੰਨ ਦਾ ਰਾਜ ਬਹਾਲ ਹੋ ਸਕੇ।
Comments are closed.