ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਨਾਗਰਿਕਾਂ ਦੀ ਸਹਾਇਤਾ ਲਈ ‘ਹੈਲਪ ਡੈਸਕ’ ਸਥਾਪਿਤ, 3 ਅਗਸਤ ਤੋਂ 2 ਸਤੰਬਰ ਤੱਕ ਦਰਜ ਹੋਣਗੇ ਦਾਅਵੇ ਤੇ ਇਤਰਾਜ਼

ਤਰਨ ਤਾਰਨ, 30 ਮਈ (ਨਵਦੀਪ ਸਿੰਘ):
ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31 ਜੁਲਾਈ 2026 ਦੀ ਬਜਾਏ 03 ਅਗਸਤ 2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦੀ ਮਿਆਦ ਵੀ ਬਦਲ ਦਿੱਤੀ ਗਈ ਹੈ, ਜਿਸ ਤਹਿਤ ਹੁਣ ਨਾਗਰਿਕ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਨੋਟਿਸ ਫੇਜ਼ ਦੀ ਪ੍ਰਕਿਰਿਆ ਹੁਣ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਮੁਕੰਮਲ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਂਗ ਹੀ ਰਹੇਗਾ ਅਤੇ ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ।

ਸਹਾਇਤਾ ਲਈ ‘ਹੈਲਪ ਡੈਸਕ’ ਸਥਾਪਿਤ
ਸ੍ਰੀ ਰਾਹੁਲ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਦੇ ਕਮਰਾ ਨੰਬਰ 217 ਵਿੱਚ ਇੱਕ ਵਿਸ਼ੇਸ਼ ‘ਹੈਲਪ ਡੈਸਕ’ ਸਥਾਪਿਤ ਕੀਤਾ ਗਿਆ ਹੈ। ਇਸ ਦਾ ਮੁੱਖ ਮਕਸਦ ਸਾਰੇ ਨਾਗਰਿਕਾਂ, ਖ਼ਾਸ ਕਰਕੇ ਦਿਵਿਆਂਗ, ਐਨ.ਆਰ.ਆਈ. ਅਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਯਕੀਨੀ ਬਣਾਉਣਾ ਹੈ।

ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸੋਧੇ ਹੋਏ ਸ਼ਡਿਊਲ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਆਪਣੇ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ ‘ਹੈਲਪ ਡੈਸਕ’ ਜਾਂ ਹੈਲਪਲਾਈਨ ਨੰਬਰ 1950 ਅਤੇ 01851-224115 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Comments are closed.