ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਖਰੜ ਦੇ ਵਾਰਡ ਨੰਬਰ 16 ਵਿੱਚ ਕੀਤੀ ਮੀਟਿੰਗ
ਵਾਰਡ ਵਾਸੀਆਂ ਨੇ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਪੂਰਨ ਸਮਰਥਨ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ, 7 ਮਈ (ਪੁਸ਼ਪਿੰਦਰ ਸਿੰਘ ਕੁਰਾਲੀ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਕਾਂਗਰਸ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਚੋਣੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਤਹਿਤ ਅੱਜ ਖਰੜ ਦੇ ਵਾਰਡ ਨੰਬਰ 16 ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵਾਰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਜੇਕਰ ਲੋਕ ਪੰਜਾਬ ਵਿੱਚੋਂ ਨਸ਼ਾ, ਗੈਂਗਸਟਰਵਾਦ ਅਤੇ ਬੇਰੁਜ਼ਗਾਰੀ ਦਾ ਖਾਤਮਾ ਚਾਹੁੰਦੇ ਹਨ ਅਤੇ ਸੂਬੇ ਵਿੱਚ ਮੁੜ ਸ਼ਾਂਤੀ ਅਤੇ ਖੁਸ਼ਹਾਲੀ ਲਿਆਉਣੀ ਹੈ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਸੱਤਾ ਵਿੱਚ ਲਿਆਉਣਾ ਹੋਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਉਹ ਉਨ੍ਹਾਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਲਗਭਗ ਚਾਰ ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਲਿਆ ਦਿੱਤਾ ਹੈ, ਜਦਕਿ ਵਿਕਾਸ ਕਾਰਜ ਬਿਲਕੁਲ ਠੱਪ ਪਏ ਹਨ।
ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਵੀ ਰਿਸ਼ਵਤ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲਿਆਉਣਾ ਹੈ ਤਾਂ ਲੋਕਾਂ ਨੂੰ ਮੁੜ ਕਾਂਗਰਸ ਪਾਰਟੀ ਨੂੰ ਸਮਰਥਨ ਦੇਣਾ ਪਵੇਗਾ।
ਇਸ ਮੌਕੇ ਵਾਰਡ ਵਾਸੀਆਂ ਨੇ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।
ਮੀਟਿੰਗ ਦੌਰਾਨ ਦੀਪਕ ਕੌਸ਼ਲ ਸਿਟੀ ਪ੍ਰਧਾਨ, ਵਿਸ਼ਾਲ ਮੱਟੂ, ਮੇਵਾ ਸਿੰਘ ਸ਼ੋਂਕੀ, ਮੱਘਰ ਸਿੰਘ, ਮਨਜੀਤ ਕੌਰ ਸੋਨੂੰ, ਮਨਪ੍ਰੀਤ ਰਾਹੀਂ, ਜਸਵਿੰਦਰ ਕੌਰ, ਸ਼ਸ਼ੀ ਅਗਨੀਹੋਤਰੀ, ਮਨਮੋਹਨ ਗੁਪਤਾ, ਜਗਦੀਸ਼ ਸਿੰਘ, ਮੁਕੇਸ਼ ਰਾਣਾ ਸਾਬਕਾ ਕੌਂਸਲਰ, ਪ੍ਰਿੰਸ ਸ਼ਰਮਾ ਕੁਰਾਲੀ, ਭੁਪਿੰਦਰ ਕੌਰ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਰਵਿੰਦਰ ਸਿੰਘ ਬੋਬੀ, ਅਵਤਾਰ ਸੋਹੀ, ਸਤਨਾਮ ਕੌਰ, ਏ.ਐਸ. ਬੇਦੀ, ਵਿਜੇ ਜਿੰਦਲ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।
Comments are closed.