ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੌਦਾ ਲਗਾ ਕੇ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਦੀ ਸ਼ੁਰੂਆਤ
ਵਿਸ਼ਵ ਵਾਤਾਵਰਣ ਦਿਵਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਘੱਟੋ-ਘੱਟ ਇੱਕ ਪੌਦਾ ਲਗਾਉਣ ਅਤੇ ਉਸ ਦੀ ਸੰਭਾਲ ਕਰਨ ਦੀ ਕੀਤੀ ਅਪੀਲ
ਤਰਨ ਤਾਰਨ, 4 ਜੂਨ: ਨਵਦੀਪ ਸ਼ੰਟੀ
ਵਿਸ਼ਵ ਵਾਤਾਵਰਣ ਦਿਵਸ-2026 ਦੇ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸੁਰਿੰਦਰ ਸਿੰਘ ਵੱਲੋਂ ਪੇਂਡੂ ਵਿਕਾਸ ਭਵਨ ਤਰਨ ਤਾਰਨ ਵਿਖੇ ਪੌਦਾ ਲਗਾ ਕੇ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲਵੇ ਅਤੇ ਘੱਟੋ-ਘੱਟ ਇੱਕ ਪੌਦਾ ਆਪਣੇ ਮਾਤਾ-ਪਿਤਾ ਜਾਂ ਬੱਚਿਆਂ ਦੇ ਨਾਮ ‘ਤੇ ਜ਼ਰੂਰ ਲਗਾਏ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਵਾਤਾਵਰਣ ਨੂੰ ਹਰਿਆ-ਭਰਿਆ, ਸੁੱਚਾ ਅਤੇ ਸਿਹਤਮੰਦ ਬਣਾਇਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ ਅਧੀਨ ਚੱਲ ਰਹੇ ਜਾਂ ਮੁਕੰਮਲ ਹੋ ਚੁੱਕੇ ਪ੍ਰੋਜੈਕਟਾਂ, ਜਿਵੇਂ ਕਿ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਅਤੇ ਜਲ ਸਪਲਾਈ ਸਕੀਮਾਂ ਆਦਿ ਵਾਲੀਆਂ ਥਾਵਾਂ ‘ਤੇ ਵੱਧ ਤੋਂ ਵੱਧ ਪੌਦੇ ਲਗਾਉਣ। ਉਨ੍ਹਾਂ ਸਕੂਲਾਂ, ਕਾਲਜਾਂ, ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਵੀ ਫੁੱਲਦਾਰ ਅਤੇ ਫਲਦਾਰ ਪੌਦੇ ਲਗਾ ਕੇ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਤਰਨ ਤਾਰਨ ਪਿਆਰ ਸਿੰਘ ਨੇ ਲੋਕਾਂ ਨੂੰ ਪਾਣੀ ਦੀ ਸਾਂਭ-ਸੰਭਾਲ ਅਤੇ ਇਸ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।