ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ. ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਰਾਜਨੀਤਿਕ ਪਾਰਟੀਆਂ ਨੂੰ ਜਲਦ ਤੋਂ ਜਲਦ ਬੀ.ਐਲ.ਏ. ਨਿਯੁਕਤ ਕਰਨ ਦੀ ਅਪੀਲ, ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੁਣ 3 ਅਗਸਤ ਨੂੰ

ਤਰਨ ਤਾਰਨ, 4 ਜੂਨ:
ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਨਵੇਂ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕੀਤੀ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸੋਧੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੁਣ ਪਹਿਲਾਂ ਨਿਰਧਾਰਿਤ 31 ਜੁਲਾਈ 2026 ਦੀ ਬਜਾਏ 3 ਅਗਸਤ 2026 ਨੂੰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਮਿਆਦ ਵਿੱਚ ਵੀ ਤਬਦੀਲੀ ਕੀਤੀ ਗਈ ਹੈ। ਹੁਣ ਨਾਗਰਿਕ 3 ਅਗਸਤ 2026 ਤੋਂ 2 ਸਤੰਬਰ 2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ।

ਸ੍ਰੀ ਰਾਹੁਲ ਨੇ ਕਿਹਾ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਨੋਟਿਸ ਫੇਜ਼ ਦੀ ਕਾਰਵਾਈ 3 ਅਗਸਤ ਤੋਂ 28 ਸਤੰਬਰ 2026 ਤੱਕ ਪੂਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਐਸ.ਆਈ.ਆਰ. ਮੁਹਿੰਮ ਨਾਲ ਸਬੰਧਤ ਬਾਕੀ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਂਗ ਹੀ ਜਾਰੀ ਰਹੇਗਾ ਅਤੇ ਉਸ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਵਿੱਚ ਮੌਜੂਦ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲਦ ਤੋਂ ਜਲਦ ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ, ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Comments are closed.