ਪੰਜਾਬ ਹਾਈ ਕਮਾਨ ਨੇ ਨਰਿੰਦਰਪਾਲ ਸਿੰਘ ਸੰਧੂ ਨੂੰ ਸੌਂਪੀ ਜ਼ਿਲ੍ਹਾ ਐਸਆਈਆਰ ਕੋਆਰਡੀਨੇਟਰ ਦੀ ਜ਼ਿੰਮੇਵਾਰੀ

2027 ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਮੰਡਲ ਅਤੇ ਬੂਥ ਪੱਧਰ 'ਤੇ ਸੰਗਠਨ ਮਜ਼ਬੂਤ ਕਰਨ ਦਾ ਐਲਾਨ

ਤਰਨ ਤਾਰਨ, 4 ਜੂਨ (ਨਵਦੀਪ ਸ਼ੰਟੀ):

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪਾਰਟੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਵੱਲੋਂ ਪੀਪੀਸੀਸੀ ਦੇ ਬੁਲਾਰੇ ਨਰਿੰਦਰਪਾਲ ਸਿੰਘ ਸੰਧੂ ਨੂੰ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਐਸਆਈਆਰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਨਰਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਮੰਡਲ ਅਤੇ ਬੂਥ ਕਮੇਟੀਆਂ ਦਾ ਗਠਨ ਕਰਕੇ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਜਨਹਿੱਤ ਨੀਤੀਆਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਕ੍ਰਮਾਂ ਬਾਰੇ ਜਾਣੂ ਕਰਵਾਇਆ ਜਾ ਸਕੇ।

ਸੰਧੂ ਨੇ ਕਿਹਾ ਕਿ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਵਿੱਚ ਨਵੀਂ ਸਰਕਾਰ ਬਣਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਿਰਾਸ਼ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਹਿਲਾਵਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਇਸ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ।

ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।

ਅੰਤ ਵਿੱਚ ਉਨ੍ਹਾਂ ਪੰਜਾਬ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Comments are closed.