ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਜੀਤੀ ਪਡਿਆਲਾ ਵੱਲੋਂ ਮੁੰਧੋਂ ਸੰਗਤੀਆਂ ’ਚ ਵਰਕਰਾਂ ਨਾਲ ਮੀਟਿੰਗ
ਬੂਥ ਪੱਧਰ ’ਤੇ ਸੰਗਠਨ ਮਜ਼ਬੂਤ ਕਰਨਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣਾ ਮੁਹਿੰਮ ਦਾ ਮੁੱਖ ਮਕਸਦ : ਜੀਤੀ ਪਡਿਆਲਾ
ਐਸ.ਏ.ਐਸ. ਨਗਰ, 10 ਅਗਸਤ (ਪੁਸ਼ਪਿੰਦਰ ਸਿੰਘ ਕੁਰਾਲੀ): ਪੰਜਾਬ ਕਾਂਗਰਸ ਵੱਲੋਂ ਸ਼ੁਰੂ ਕੀਤੀ ਗਈ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਪਿੰਡ ਮੁੰਧੋਂ ਸੰਗਤੀਆਂ ਵਿਖੇ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਬੂਥ ਪੱਧਰ ’ਤੇ ਸੰਗਠਨ ਦਾ ਵਿਸਥਾਰ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹਨ ਅਤੇ ਬੂਥ ਪੱਧਰ ’ਤੇ ਮਜ਼ਬੂਤ ਸੰਗਠਨ ਹੀ ਚੋਣ ਜਿੱਤ ਦੀ ਨੀਂਹ ਹੁੰਦਾ ਹੈ। ਉਨ੍ਹਾਂ ਕਿਹਾ ਕਿ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਮੁੱਖ ਮਕਸਦ ਹਰ ਬੂਥ ’ਤੇ ਪਾਰਟੀ ਦਾ ਸੰਗਠਨ ਮਜ਼ਬੂਤ ਕਰਨਾ, ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਹੋਰ ਵਧਾਉਣਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ। ਕਿਸਾਨਾਂ, ਨੌਜਵਾਨਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸਰਕਾਰ ਲੋਕਾਂ ਦੇ ਮੁੱਦਿਆਂ ਦਾ ਹੱਲ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਦਾ ਭਰੋਸਾ ਮੁੜ ਕਾਂਗਰਸ ਪਾਰਟੀ ਵੱਲ ਵੱਧ ਰਿਹਾ ਹੈ।
ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਹਰ ਬੂਥ ’ਤੇ ਮਜ਼ਬੂਤ ਟੀਮਾਂ ਤਿਆਰ ਕਰਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਸੰਗਠਨ ਦੀ ਰੀੜ੍ਹ ਦੀ ਹੱਡੀ ਹੈ ਅਤੇ ਹਰ ਵਰਕਰ ਦੀ ਭੂਮਿਕਾ ਅਹਿਮ ਹੈ।
ਇਸ ਮੌਕੇ ਪਿੰਡ ਮੁੰਧੋਂ ਸੰਗਤੀਆਂ ਦੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਪਾਰਟੀ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਹਰ ਬੂਥ ’ਤੇ ਕਾਂਗਰਸ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨਗੇ।
ਇਸ ਮੌਕੇ ਪਿੰਡ ਦੇ ਸਰਪੰਚ ਚਰਨਜੀਤ ਸਿੰਘ, ਸਰਪੰਚ ਬਲਕਾਰ ਸਿੰਘ ਦੁਸਾਰਨਾ, ਸਾਬਕਾ ਸਰਪੰਚ ਸਤਿੰਦਰ ਸਿੰਘ ਸੱਤੀ, ਜੰਗ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਿੰਘ, ਰਾਜਵੀਰ ਸਿੰਘ ਅਤੇ ਹਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।
English news
Comments are closed.