ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚੋਂ ਸਫਾਇਆ ਤਹਿ : ਜਗਮੋਹਨ ਸਿੰਘ ਕੰਗ

ਕਿਹਾ – ਸੂਬੇ ਵਿੱਚ ਕਾਨੂੰਨ-ਵਿਵਸਥਾ ਖਰਾਬ, ਲੋਕ ਸਰਕਾਰ ਤੋਂ ਨਿਰਾਸ਼ • ਲੋਕ ਸਭਾ ਚੋਣਾਂ ਵਿੱਚ ਕਾਂਗਰਸ ‘ਤੇ ਵਿਸ਼ਵਾਸ ਜਤਾਇਆ

ਮੋਰਿੰਡਾ, 7 ਮਾਰਚ (ਕਰਨੈਲ ਜੀਤ):
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਸੂਬੇ ਵਿੱਚੋਂ ਸਫਾਇਆ ਤਹਿ ਹੈ। ਉਹ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸ੍ਰੀ ਕੰਗ ਮੋਰਿੰਡਾ ਵਿੱਚ ਸੀਨੀਅਰ ਕਾਂਗਰਸੀ ਆਗੂ ਵਜ਼ੀਰ ਚੰਦ, ਡਾਇਰੈਕਟਰ ਰੋਪੜ ਸੈਂਟਰਲ ਕੋਆਪਰੇਟਿਵ ਬੈਂਕ, ਦੇ ਦੇਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਦਿਨ ਦਿਹਾੜੇ ਨਿਰਦੋਸ਼ ਲੋਕਾਂ ਦੇ ਕਤਲ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਆਗੂਆਂ, ਪੰਚਾਂ ਅਤੇ ਸਰਪੰਚਾਂ ਦੇ ਕਤਲ ਵੀ ਹੋ ਰਹੇ ਹਨ, ਜਦਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਮੁਲਾਜ਼ਮਾਂ, ਕਿਸਾਨਾਂ ਅਤੇ ਮਜ਼ਦੂਰਾਂ ‘ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਖ਼ਿਲਾਫ਼ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨ ਸੜਕਾਂ ‘ਤੇ ਰੁਲਣ ਲਈ ਮਜਬੂਰ ਹਨ। ਇਸ ਕਾਰਨ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਕਾਰਦਿਆਂ ਕਾਂਗਰਸ ਪਾਰਟੀ ‘ਤੇ ਵਿਸ਼ਵਾਸ ਪ੍ਰਗਟ ਕੀਤਾ।
ਸ੍ਰੀ ਕੰਗ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦਿੱਲੀ ਦੇ ਲੋਕਾਂ ਨੇ ਵੀ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਪੰਜਾਬ ਦੇ ਲੋਕ ਵੀ ਸਹੀ ਸਮੇਂ ਦੀ ਉਡੀਕ ਕਰ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ 10 ਲੱਖ ਰੁਪਏ ਦੇ ਬੀਮੇ ਸਬੰਧੀ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਣੇ ਲਗਭਗ ਚਾਰ ਸਾਲ ਹੋ ਚੁੱਕੇ ਹਨ ਅਤੇ ਇਸ ਦੌਰਾਨ ਕੋਈ ਵੱਡਾ ਕਦਮ ਨਹੀਂ ਚੁੱਕਿਆ ਗਿਆ। ਹੁਣ ਚੋਣਾਂ ਨੇੜੇ ਆਉਣ ਕਾਰਨ ਲੋਕਾਂ ਨੂੰ ਲੁਭਾਉਣ ਲਈ ਐਲਾਨ ਕੀਤੇ ਜਾ ਰਹੇ ਹਨ, ਜਦਕਿ ਸਕੀਮ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪਰਿਵਾਰਾਂ ਦੇ 10 ਰੁਪਏ ਦੇ ਬੀਮੇ ਦੇ ਫਲੈਕਸ ਬੋਰਡ ਲਗਾਏ ਜਾ ਰਹੇ ਹਨ, ਜਦਕਿ ਕਾਰਡ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਬਣਾਏ ਜਾ ਰਹੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਝੂਠੇ ਲਾਰਿਆਂ ਵਿੱਚ ਨਾ ਆਉਣ ਅਤੇ ਸਮਾਂ ਆਉਣ ‘ਤੇ ਲੋਕ ਵਿਰੋਧੀ ਅਤੇ ਦਲਿਤ ਵਿਰੋਧੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰੀਪਾਲ (ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ), ਜਤਿੰਦਰ ਸ਼ਰਮਾ (ਪ੍ਰਧਾਨ ਬ੍ਰਾਹਮਣ ਸਭਾ ਮੋਰਿੰਡਾ), ਸਾਬਕਾ ਕੌਂਸਲਰ ਗੁਲਸ਼ਨ ਠੁਕਰਾਲ, ਮਹਿੰਦਰ ਸਿੰਘ, ਗੁਰਜੀਤ ਸਿੰਘ ਰੂਪਰਾਏ, ਯਸ਼ਪਾਲ ਸ਼ਰਮਾ ਅਤੇ ਸੁਭਾਸ਼ ਚੰਦਰ ਸਮੇਤ ਕਈ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

Watch our YouTube video

Comments are closed.