ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਮੋਹਾਲੀ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਤੀਜੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ
ਫੇਜ਼-6 ਤੋਂ ਵਿਧਾਨ ਸਭਾ ਵੱਲ ਕੀਤਾ ਰੋਸ ਮਾਰਚ, ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ
10 ਮਾਰਚ / ਕਰਨੈਲ ਜੀਤ
ਮੋਰਿੰਡਾ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁਲਾਜ਼ਮ ਵਿਰੋਧੀ ਬਜਟ ਦੇ ਵਿਰੁੱਧ ਮੋਹਾਲੀ ਵਿਖੇ ਤੀਜੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰਹੇ। ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮੋਹਾਲੀ ਦੇ ਫੇਜ਼-6 ਵਿੱਚ ਵਿਸ਼ਾਲ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਗਿਆ, ਜਿਸ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਸੂਬਾ ਕਨਵੀਨਰ ਧਨਵੰਤ ਸਿੰਘ ਭੱਠਲ, ਜਰਮਨਜੀਤ ਸਿੰਘ, ਗਗਨਦੀਪ ਸਿੰਘ ਭੁੱਲਰ, ਬਾਜ ਸਿੰਘ ਖਹਿਰਾ, ਸੁਰਜੀਤ ਸਿੰਘ ਗੱਗੜਾ ਅਤੇ ਹਰਭਜਨ ਸਿੰਘ ਖੁੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਤਿੱਖੇ ਸੰਘਰਸ਼ ਲਈ ਮਜਬੂਰ ਹੋ ਰਹੇ ਹਨ।
ਉਹਨਾਂ ਕਿਹਾ ਕਿ ਮਾਣਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਨਾ ਕਰਨਾ, ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਕੱਚੇ, ਠੇਕਾ ਅਧਾਰਿਤ ਅਤੇ ਆਉਟਸੋਰਸ ਕਰਮਚਾਰੀਆਂ ਨੂੰ ਰੈਗੂਲਰ ਨਾ ਕਰਨਾ, ਪੈਨਸ਼ਨਰਾਂ ‘ਤੇ 2.59 ਦਾ ਗੁਣਾਕ ਲਾਗੂ ਨਾ ਕਰਨਾ, 16 ਫੀਸਦੀ ਮਹਿੰਗਾਈ ਭੱਤਾ ਜਾਰੀ ਨਾ ਕਰਨਾ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨਾ ਅਤੇ 17 ਜੁਲਾਈ 2020 ਤੋਂ ਬਾਅਦ ਭਰਤੀ ਕਰਮਚਾਰੀਆਂ ਨੂੰ ਪੰਜਾਬ ਦੇ ਤਨਖਾਹ ਸਕੇਲ ਨਾ ਦੇਣਾ ਵਰਗੀਆਂ ਮੰਗਾਂ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਪਣੇ ਆਖਰੀ ਬਜਟ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਕੋਈ ਐਲਾਨ ਨਾ ਕਰਨਾ ਮੁਲਾਜ਼ਮਾਂ ਦੇ ਜਖਮਾਂ ‘ਤੇ ਨਮਕ ਛਿੜਕਣ ਦੇ ਬਰਾਬਰ ਹੈ।
ਸਾਂਝੇ ਫਰੰਟ ਦੇ ਆਗੂਆਂ ਅਤਿੰਦਰਪਾਲ ਘੱਗਾ ਅਤੇ ਪਰਮਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਜੁੜੀਆਂ ਮੰਗਾਂ ਦੇ ਨਾਲ-ਨਾਲ ਨਵੀਂ ਸਿੱਖਿਆ ਨੀਤੀ 2020, ਬਿਜਲੀ ਬਿੱਲ ਸੋਧ 2025 ਅਤੇ ਚਾਰ ਲੇਬਰ ਕੋਡ ਰੱਦ ਕਰਨ ਸਮੇਤ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਰਾਕੇਸ਼ ਸ਼ਰਮਾ, ਲਵਪ੍ਰੀਤ ਬੱਲੀ, ਕੁਲਦੀਪ ਸਿੰਘ, ਹਰਦੀਪ ਟੋਡਰਪੁਰ, ਐਨ.ਡੀ. ਤਿਵਾੜੀ, ਮਲਾਗਰ ਖਮਾਣੋਂ, ਵਿਕਰਮ ਦੇਵ ਸਿੰਘ ਖੰਨਾ, ਸੁਰਿੰਦਰ ਕੰਬੋਜ, ਹਰਦੀਪ ਸ਼ਰਮਾ, ਬਿਕਰ ਸਿੰਘ ਮਾਖਾ, ਗੁਲਜ਼ਾਰ ਖਾਨ, ਚਰਨਜੀਤ ਸਿੱਧੂ, ਸਤਨਾਮ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਦੋਦਾ, ਹੰਸ ਰਾਜ ਗਰਗ, ਹਰਪ੍ਰੀਤ ਸਿੰਘ, ਸੋਮ ਸਿੰਘ ਸੰਧੂ, ਜੈਲ ਸਿੰਘ ਅਤੇ ਅਵਿਨਾਸ਼ ਸ਼ਰਮਾ ਆਦਿ ਵੀ ਹਾਜ਼ਰ ਸਨ।
Comments are closed.