ਜ਼ਿਲ੍ਹੇ ਵਿੱਚ ਗੈਸ ਸਿਲੰਡਰ, ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ: ਐਸਡੀਐਮ ਚੇਤਨ ਬੰਗੜ

ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਸਪਲਾਈ ਪ੍ਰਬੰਧਾਂ ਦੀ ਕੀਤੀ ਸਮੀਖਿਆ

11 ਮਾਰਚ / ਕਰਨੈਲ ਜੀਤ
ਮੋਰਿੰਡਾ: ਐਸਡੀਐਮ ਮੋਰਿੰਡਾ ਸ੍ਰੀ ਚੇਤਨ ਬੰਗੜ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਅਤੇ ਉਪਲਬਧਤਾ ਸੰਬੰਧੀ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਫੂਡ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ, ਤੇਲ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ ਅਤੇ ਸਪਲਾਈ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਐਸਡੀਐਮ ਚੇਤਨ ਬੰਗੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਇਹਨਾਂ ਜ਼ਰੂਰੀ ਵਸਤੂਆਂ ਦੀ ਸਪਲਾਈ ਸੁਚਾਰੂ ਢੰਗ ਨਾਲ ਬਣਾਈ ਰੱਖੀ ਜਾਵੇ ਅਤੇ ਕਿਸੇ ਵੀ ਕਿਸਮ ਦੀ ਕਾਲਾਬਾਜ਼ਾਰੀ ਜਾਂ ਗੈਰਕਾਨੂੰਨੀ ਸਟੋਰੇਜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਕਿ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਜ਼ਿਲ੍ਹੇ ਵਿੱਚ ਕੋਈ ਕਮੀ ਨਹੀਂ ਹੈ ਅਤੇ ਇਸ ਬਾਰੇ ਕੋਈ ਵੀ ਅਫਵਾਹ ਨਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤੂਆਂ ਦੀ ਸਪਲਾਈ ਅਤੇ ਵੰਡ ਉੱਤੇ ਨਿਗਰਾਨੀ ਰੱਖਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਐਸਡੀਐਮ ਚੇਤਨ ਬੰਗੜ ਨੇ ਪੈਟਰੋਲ ਪੰਪ ਅਤੇ ਗੈਸ ਏਜੰਸੀ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਖਪਤਕਾਰਾਂ ਨੂੰ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰ ਸਮੇਂ ਸਿਰ ਅਤੇ ਪੂਰੀ ਮਾਤਰਾ ਵਿੱਚ ਉਪਲਬਧ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਗੈਸ ਸਿਲੰਡਰ ਅਤੇ ਪੈਟਰੋਲ-ਡੀਜ਼ਲ ਦੀ ਕੋਈ ਕਮੀ ਨਹੀਂ ਹੈ। ਜੇਕਰ ਕੋਈ ਇਸ ਬਾਰੇ ਅਫਵਾਹ ਫੈਲਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੇ ਅੰਤ ਵਿੱਚ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ’ਤੇ ਲਗਾਤਾਰ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Comments are closed.