ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਫਾਰਮਰ ਆਈ.ਡੀ ਬਣਾਉਣਾ ਲਾਜ਼ਮੀ : ਮੁੱਖ ਖੇਤੀਬਾੜੀ ਅਫ਼ਸਰ

ਐਗਰੀਸਟੈਕ ਪੋਰਟਲ ‘ਤੇ ਫਾਰਮਰ ਰਜਿਸਟਰੀ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਸਾਨਾਂ ਨੂੰ ਅਪੀਲ ਫਾਰਮਰ ਆਈ.ਡੀ ਨਾ ਬਣਾਉਣ ਵਾਲੇ ਕਿਸਾਨਾਂ ਦੀਆਂ ਪੀ.ਐਮ ਕਿਸਾਨ ਦੀਆਂ ਕਿਸ਼ਤਾਂ ਰੁਕ ਸਕਦੀਆਂ ਹਨ

ਤਰਨ ਤਾਰਨ, 11 ਮਾਰਚ : ਨਵਦੀਪ ਸ਼ੈਂਟੀ
ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਰ ਇਕ ਕਿਸਾਨ ਲਈ ਐਗਰੀਸਟੈਕ ਦੇ ਆਨਲਾਈਨ ਪੋਰਟਲ ‘ਤੇ ਫਾਰਮਰ ਰਜਿਸਟਰੀ ਤਹਿਤ ਰਜਿਸਟਰ ਹੋ ਕੇ ਆਪਣੀ ਫਾਰਮਰ ਆਈ.ਡੀ ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਫਾਰਮਰ ਰਜਿਸਟਰੀ ਦਾ ਮੁੱਖ ਉਦੇਸ਼ ਕਿਸਾਨਾਂ ਦਾ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ, ਤਾਂ ਜੋ ਸਰਕਾਰੀ ਸਹਾਇਤਾ ਸਿੱਧੇ ਅਤੇ ਪਾਰਦਰਸ਼ੀ ਢੰਗ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚ ਸਕੇ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਆਈ.ਡੀ ਬਣਵਾ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਹਰ ਲਾਭਪਾਤਰੀ ਕਿਸਾਨ ਨੂੰ ਇੱਕ ਵਿਲੱਖਣ ਕਿਸਾਨ ਆਈ.ਡੀ ਜਾਰੀ ਕੀਤੀ ਜਾਵੇਗੀ। ਇਸ ਕਿਸਾਨ ਆਈ.ਡੀ ਨੂੰ ਕਿਸਾਨ ਦੇ ਮੌਜੂਦਾ ਪੀ.ਐਮ ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨਾ ਆਸਾਨ ਹੋਵੇਗਾ।

ਡਾ. ਤੇਜਬੀਰ ਸਿੰਘ ਭੰਗੂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਨ੍ਹਾਂ ਕਿਸਾਨਾਂ ਦੀਆਂ ਪੀ.ਐਮ ਕਿਸਾਨ ਦੀਆਂ ਆਉਣ ਵਾਲੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਕਿਸਾਨ ਆਈ.ਡੀ ਦੀ ਰਜਿਸਟ੍ਰੇਸ਼ਨ ਆਧਾਰ ਕਾਰਡ ਨਾਲ ਨੇੜਲੇ ਸੀ.ਐਸ.ਸੀ ਸੈਂਟਰ ‘ਤੇ ਜਾ ਕੇ ਪੂਰੀ ਕਰਵਾਉਣ।

ਇਸ ਸਬੰਧੀ ਵਿਭਾਗ ਵੱਲੋਂ ਸੀ.ਐਸ.ਸੀ ਸੈਂਟਰਾਂ ਨਾਲ ਮਿਲ ਕੇ ਪਿੰਡ ਪੱਧਰ ‘ਤੇ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਕਿਸਾਨ ਇਹ ਰਜਿਸਟ੍ਰੇਸ਼ਨ ਮੁਫ਼ਤ ਕਰਵਾ ਸਕਦੇ ਹਨ। ਕਿਸਾਨ ਇਸ ਲਈ ਬਲਾਕ ਖੇਤੀਬਾੜੀ ਦਫਤਰ ਅਤੇ ਨੇੜਲੇ ਸੀ.ਐਸ.ਸੀ ਸੈਂਟਰਾਂ ਨਾਲ ਵੀ ਸੰਪਰਕ ਕਰ ਸਕਦੇ ਹਨ।

Comments are closed.