ਮਹਿਲਾਵਾਂ ਲਈ ਵਰਦਾਨ ਸਾਬਿਤ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ : ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵਾੜ
ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ ਲਗਭਗ 97 ਫੀਸਦੀ ਮਹਿਲਾਵਾਂ ਨੂੰ ਯੋਜਨਾ ਦਾ ਲਾਭ ਮਿਲਣ ਦੀ ਸੰਭਾਵਨਾ, ਸਰਕਾਰ ਵੱਲੋਂ 9300 ਕਰੋੜ ਰੁਪਏ ਦਾ ਬਜਟ ਰੱਖਿਆ
ਤਰਨ ਤਾਰਨ, 11 ਮਾਰਚ (ਨਵਦੀਪ ਸ਼ੈਂਟੀ)
ਅੱਜ ਬਹੁਤ ਇਤਿਹਾਸਕ ਦਿਨ ਹੈ, ਜਦੋਂ ਪੰਜਾਬ ਸਰਕਾਰ ਵੱਲੋਂ ਪੰਜਵੇਂ ਬਜਟ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵਾਅਦਾ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਕੀਤਾ ਸੀ, ਅੱਜ ਉਹ ਪੂਰਾ ਹੋ ਗਿਆ ਹੈ ਅਤੇ ਪੰਜਾਬ ਦੀਆਂ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ. ਪਰਿਵਾਰਾਂ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ।
ਸਥਾਨਕ ਇੰਪਰੂਵਮੈਂਟ ਟਰੱਸਟ ਦਫ਼ਤਰ ਵਿਖੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਬਹਿਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਦਿੱਤੀ ਜਾ ਰਹੀ 1000 ਰੁਪਏ ਦੀ ਆਰਥਿਕ ਸਹਾਇਤਾ ਦਰਅਸਲ ਮਾਵਾਂ-ਭੈਣਾਂ ਦੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇਹ ਇਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਕਿਹਾ ਕਿ ਜਦੋਂ ਮਹਿਲਾਵਾਂ ਮਜ਼ਬੂਤ ਹੁੰਦੀਆਂ ਹਨ ਤਾਂ ਪਰਿਵਾਰ ਅਤੇ ਸਮਾਜ ਦੋਵੇਂ ਮਜ਼ਬੂਤ ਬਣਦੇ ਹਨ। ਪੰਜਾਬ ਸਰਕਾਰ ਦਾ ਇਹ ਫ਼ੈਸਲਾ ਲੱਖਾਂ ਮਹਿਲਾਵਾਂ ਲਈ ਸਹਾਇਕ ਸਾਬਿਤ ਹੋਵੇਗਾ ਅਤੇ ਘਰੇਲੂ ਖਰਚਿਆਂ ਵਿੱਚ ਵੀ ਕੁਝ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਚੁੱਕਿਆ ਗਿਆ ਇਹ ਕਦਮ ਮਾਵਾਂ-ਭੈਣਾਂ ਦੇ ਸਨਮਾਨ ਅਤੇ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਹੋਰ ਲੋਕ ਭਲਾਈ ਯੋਜਨਾਵਾਂ ਨਾਲ ਪੰਜਾਬ ਦੇ ਲੋਕਾਂ ਨੂੰ ਫਾਇਦਾ ਮਿਲੇਗਾ।
ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਉੱਪਰ ਦੀ ਹਰ ਯੋਗ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲੇਗਾ, ਜਦਕਿ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਇਹ ਰਕਮ ਸਿੱਧੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਸੰਭਾਵਨਾ ਹੈ। ਇਸ ਯੋਜਨਾ ਲਈ ਸਰਕਾਰ ਵੱਲੋਂ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਉਸਮਾ, ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ, ਐਡਵੋਕੇਟ ਸੁਰਿੰਦਰਪਾਲ ਸਿੰਘ ਮਨਾਵਾਂ, ਮੈਡਮ ਅੰਜੂ ਵਰਮਾ, ਮੈਡਮ ਬਲਜੀਤ ਕੌਰ, ਠੇਕੇਦਾਰ ਅਵਤਾਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।
Comments are closed.