ਰਾਜਪੁਰਾ ‘ਚ ਸ਼ਹੀਦੀ ਦਿਵਸ ਮੌਕੇ ਕਿਸਾਨਾਂ ਦਾ ਵੱਡਾ ਟਰੈਕਟਰ ਰੋਸ ਮਾਰਚ

ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਨਮਨ; ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਗੂੰਜੇ ਨਾਅਰੇ

ਰਾਜਪੁਰਾ, 23 ਮਾਰਚ (ਸੁਸ਼ੀਲ ਕੁਮਾਰ) — ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਦੇ ਸ਼ਹੀਦੀ ਦਿਵਸ ਮੌਕੇ ਅੱਜ ਰਾਜਪੁਰਾ ਵਿੱਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵੱਡਾ ਟਰੈਕਟਰ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਰਾਸ਼ਟਰੀ ਕੋਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਵੱਲੋਂ ਕੀਤੀ ਗਈ।

ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵਰਕਰਾਂ ਨੇ ਸ਼ਿਰਕਤ ਕੀਤੀ। ਮਾਰਚ ਅਨਾਜ ਮੰਡੀ ਰਾਜਪੁਰਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਲੰਘਦਾ ਹੋਇਆ ਗਗਨ ਚੌਂਕ ਰਾਹੀਂ ਚੰਡੀਗੜ੍ਹ ਰੋਡ ‘ਤੇ ਸਮਾਪਤ ਹੋਇਆ।

ਮਾਰਚ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਘੁਮਾਣਾ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਹੋਇਆ ਫ੍ਰੀ ਟ੍ਰੇਡ ਸਮਝੌਤਾ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਨੇ ਖੇਤੀਬਾੜੀ ਨਾਲ ਸੰਬੰਧਿਤ ਮੁੱਦਿਆਂ ਨੂੰ ਇਸ ਸਮਝੌਤੇ ਵਿੱਚ ਸ਼ਾਮਲ ਕਰਕੇ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਅਤੇ ਪ੍ਰੀਪੇਡ ਮੀਟਰਾਂ ਵਰਗੀਆਂ ਨੀਤੀਆਂ ਵੀ ਕਿਸਾਨ ਵਿਰੋਧੀ ਹਨ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਚੁੱਪ ਰਹਿ ਕੇ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਹਟ ਰਹੀ ਹੈ। ਜੇਕਰ ਇਹ ਸਮਝੌਤਾ ਰੱਦ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਵੱਡੇ ਜਨ ਆੰਦੋਲਨ ਵਿੱਚ ਬਦਲਿਆ ਜਾਵੇਗਾ ਅਤੇ ਹਰ ਪਿੰਡ ਤੱਕ ਲਿਆਂਦਾ ਜਾਵੇਗਾ।

ਇਸ ਮੌਕੇ ਹੋਰ ਆਗੂਆਂ ਨੇ ਵੀ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਕਾਰਨ ਹੀ ਅੱਜ ਕਿਸਾਨਾਂ ਦੀ ਆਵਾਜ਼ ਸੁਣੀ ਜਾ ਰਹੀ ਹੈ ਅਤੇ ਸੰਘਰਸ਼ ਅੱਗੇ ਵੀ ਜਾਰੀ ਰਹੇਗਾ।

ਦਮਦਮੀ ਟਕਸਾਲ ਰਾਜਪੁਰਾ ਦੇ ਜਥਾ ਪ੍ਰਮੁੱਖ ਬਰਜਿੰਦਰ ਸਿੰਘ ਪਰਵਾਨਾ ਨੇ ਕਿਹਾ ਕਿ ਇਸ ਮਾਰਚ ਵਿੱਚ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਨੇ ਭਾਗ ਲੈ ਕੇ ਕਿਸਾਨਾਂ ਨਾਲ ਇਕਜੁਟਤਾ ਦਰਸਾਈ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਮਰੀਕਾ ਨਾਲ ਕੀਤਾ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ।
ਅੰਤ ਵਿੱਚ ਆਗੂਆਂ ਨੇ ਕਿਹਾ ਕਿ ਇਹ ਰੋਸ ਮਾਰਚ ਪੂਰੀ ਤਰ੍ਹਾਂ ਸਫਲ ਰਿਹਾ ਅਤੇ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ।

Our YouTube video

Comments are closed.