ਰਾਜਪੁਰਾ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ
ਵੱਖ-ਵੱਖ ਚੌਕਾਂ ‘ਤੇ ਚੈਕਿੰਗ ਮੁਹਿੰਮ ਜਾਰੀ, ਗਲਤ ਪਾਰਕਿੰਗ ਅਤੇ ਟਰੈਫਿਕ ਉਲੰਘਣਾਵਾਂ ‘ਤੇ ਕਸਿਆ ਸ਼ਿਕੰਜਾ
ਰਾਜਪੁਰਾ, 25 ਮਾਰਚ (ਸੁਸੀਲ ਕੁਮਾਰ) — ਸ਼ਹਿਰ ਵਿੱਚ ਟਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਟਰੈਫਿਕ ਇੰਚਾਰਜ ਗੁਰਬਚਨ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਚੌਕਾਂ ‘ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਕਾਰਵਾਈ ਮਾਨਯੋਗ ਐਸ.ਐਸ.ਪੀ. ਪਟਿਆਲਾ ਸ੍ਰੀ ਵਰੁਣ ਕੁਮਾਰ ਸ਼ਰਮਾ (IPS) ਦੇ ਹੁਕਮਾਂ ਅਨੁਸਾਰ ਕੀਤੀ ਜਾ ਰਹੀ ਹੈ, ਜਿਸਦਾ ਉਦੇਸ਼ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਅਤੇ ਟਰੈਫਿਕ ਨੂੰ ਸੁਚੱਜਾ ਬਣਾਉਣਾ ਹੈ।
ਮੁਹਿੰਮ ਦੌਰਾਨ ਟਰੈਫਿਕ ਪੁਲਿਸ ਵੱਲੋਂ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ, ਮੋਟਰਸਾਈਕਲ ‘ਤੇ ਤਿੰਨ ਸਵਾਰੀਆਂ ਬਿਠਾ ਕੇ ਚਲਾਉਣ ਵਾਲਿਆਂ, ਡਰਾਈਵਿੰਗ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਕਰਨ ਵਾਲਿਆਂ, ਬੁਲੇਟ ਮੋਟਰਸਾਈਕਲਾਂ ਦੇ ਗਲਤ ਸਾਇਲੈਂਸਰਾਂ ਅਤੇ ਜੁਗਾੜੂ ਰੇੜੀਆਂ ਖ਼ਿਲਾਫ਼ ਚਲਾਨ ਕੀਤੇ ਜਾ ਰਹੇ ਹਨ।
ਟਰੈਫਿਕ ਇੰਚਾਰਜ ਗੁਰਬਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਕਮਰਸ਼ਅਲ ਟਰੈਕਟਰ-ਟਰਾਲੀ ਦਾ ਚਲਾਨ ਕੀਤਾ ਗਿਆ ਹੈ ਅਤੇ ਇੱਕ ਜੁਗਾੜੂ ਰੇੜੀ ਨੂੰ ਬਾਉਂਡ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਸਵਾਰੀਆਂ ਵਾਲੇ ਵਾਹਨ ਚਾਲਕਾਂ ਦੇ ਵੀ ਚਲਾਨ ਕੀਤੇ ਗਏ ਹਨ।
ਉਨ੍ਹਾਂ ਨੇ ਦੱਸਿਆ ਕਿ ਡੀ.ਐਸ.ਪੀ. ਟਰੈਫਿਕ ਪੁਨੀਤ ਸਿੰਘ ਚਹਿਲ ਦੇ ਨਿਰਦੇਸ਼ਾਂ ਅਨੁਸਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਬਰਤੀ ਜਾਵੇਗੀ।
ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਗਲਤ ਪਾਰਕਿੰਗ ਇੱਕ ਵੱਡੀ ਸਮੱਸਿਆ ਬਣ ਚੁੱਕੀ ਹੈ। ਲੋਕ ਆਪਣੇ ਵਾਹਨ ਸੜਕਾਂ ‘ਤੇ ਖੜੇ ਕਰਕੇ ਬਾਜ਼ਾਰਾਂ ਵਿੱਚ ਚਲੇ ਜਾਂਦੇ ਹਨ, ਜਿਸ ਨਾਲ ਟਰੈਫਿਕ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਇਸ ਲਈ ਲੋਕ ਆਪਣੇ ਵਾਹਨ ਨਿਰਧਾਰਤ ਪਾਰਕਿੰਗ ਸਥਾਨਾਂ ‘ਤੇ ਹੀ ਖੜੇ ਕਰਨ।
ਟਰੈਫਿਕ ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਵਾਹਨ ਸੜਕ ‘ਤੇ ਗਲਤ ਢੰਗ ਨਾਲ ਪਾਰਕ ਕੀਤਾ ਮਿਲਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਮਕਸਦ ਸਿਰਫ਼ ਚਲਾਨ ਕਰਨਾ ਨਹੀਂ, ਸਗੋਂ ਸ਼ਹਿਰ ਵਿੱਚ ਟਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣਾ ਹੈ।
Comments are closed.