ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਦਾ ਤਰਨ ਤਾਰਨ ਵਿੱਚ ਸ਼ਾਨਦਾਰ ਆਗਾਜ਼
ਛੇ ਦਿਨਾਂ ਤੱਕ ਚੱਲਣ ਵਾਲੇ ਪ੍ਰੋਗਰਾਮ ਰਾਹੀਂ ਨੌਜਵਾਨਾਂ ਵਿੱਚ ਰਾਸ਼ਟਰੀ ਏਕਤਾ ਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਿਲੇਗੀ ਮਜ਼ਬੂਤੀ
ਤਰਨ ਤਾਰਨ, 26 ਮਾਰਚ (ਨਵਦੀਪ ਸਿੰਘ ਸ਼ੰਟੀ) — ਮੇਰਾ ਯੁਵਾ ਭਾਰਤ, ਤਰਨ ਤਾਰਨ ਵੱਲੋਂ ਗ੍ਰਹਿ ਮੰਤਰਾਲੇ ਅਤੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਾਂਝੀ ਪਹਿਲਕਦਮੀ ‘ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ’ ਦਾ ਆਗਾਜ਼ ਅੱਜ ਯੂਥ ਹੋਸਟਲ, ਤਰਨ ਤਾਰਨ ਵਿਖੇ ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਦੀ ਨਿਗਰਾਨੀ ਹੇਠ ਕੀਤਾ ਗਿਆ।
29 ਮਾਰਚ ਤੱਕ ਚੱਲਣ ਵਾਲੇ ਇਸ ਛੇ ਦਿਨਾਂ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿੱਚ ਸਬ-ਡਵੀਜ਼ਨਲ ਮੈਜਿਸਟਰੇਟ ਤਰਨ ਤਾਰਨ ਡਾ. ਕਰਨਵੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਆਪਣੇ ਸੰਬੋਧਨ ਦੌਰਾਨ ਡਾ. ਕਰਨਵੀਰ ਸਿੰਘ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਦੇਸ਼ ਦੇ ਵੱਖ-ਵੱਖ ਖੇਤਰਾਂ ਦੇ ਨੌਜਵਾਨਾਂ ਵਿਚ ਏਕਤਾ ਅਤੇ ਆਪਸੀ ਸਮਝ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਭਾਗੀਦਾਰਾਂ ਨੂੰ ਇਸ ਮੌਕੇ ਦਾ ਪੂਰਾ ਲਾਭ ਉਠਾਉਣ ਅਤੇ ਨਵੇਂ ਤਜਰਬੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਡਿਪਟੀ ਡਾਇਰੈਕਟਰ ਜਸਲੀਨ ਕੌਰ ਨੇ ਮੁੱਖ ਮਹਿਮਾਨ ਅਤੇ ਸਾਰੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪ੍ਰੋਗਰਾਮ ਦੇ ਮੁੱਖ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮਕਸਦ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣਾ, ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਹੈ।
ਸਮਾਗਮ ਦੀ ਸ਼ੁਰੂਆਤ ਦੀਪ ਪ੍ਰਜਵਲਨ ਨਾਲ ਹੋਈ। ਇਸ ਤੋਂ ਬਾਅਦ ਪੁਲਵਾਮਾ ਜ਼ਿਲ੍ਹੇ ਦੇ ਭਾਗੀਦਾਰਾਂ ਵੱਲੋਂ ਸੁਰੀਲਾ ਗੀਤ ਪੇਸ਼ ਕੀਤਾ ਗਿਆ ਅਤੇ ਕਸ਼ਮੀਰੀ ਨੌਜਵਾਨਾਂ ਨੇ ਸੱਭਿਆਚਾਰਕ ਪ੍ਰਸਤੁਤੀ ਰਾਹੀਂ ਆਪਣੀ ਅਮੀਰ ਵਿਰਾਸਤ ਅਤੇ ਰਿਵਾਇਤਾਂ ਦਾ ਦਰਸ਼ਨ ਕਰਵਾਇਆ।
ਜਾਗਰੂਕਤਾ ਸੈਸ਼ਨਾਂ ਦੌਰਾਨ ਐਸ.ਐਚ.ਓ. ਹਰਵਿੰਦਰ ਕੌਰ ਨੇ ਸਾਈਬਰ ਸੁਰੱਖਿਆ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਆਨਲਾਈਨ ਸੁਰੱਖਿਆ, ਸਾਈਬਰ ਅਪਰਾਧਾਂ ਤੋਂ ਬਚਾਅ ਅਤੇ ਜ਼ਿੰਮੇਵਾਰ ਡਿਜੀਟਲ ਵਿਵਹਾਰ ਬਾਰੇ ਜਾਗਰੂਕ ਕੀਤਾ। ਇਸਦੇ ਨਾਲ ਹੀ ਸਿਵਲ ਹਸਪਤਾਲ ਤਰਨ ਤਾਰਨ ਤੋਂ ਡਾ. ਜੈਸਮੀਨ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨਾਲ ਸੰਬੰਧਿਤ ਖਤਰਿਆਂ ਅਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ‘ਤੇ ਚਰਚਾ ਕੀਤੀ।
ਡਿਪਟੀ ਡਾਇਰੈਕਟਰ ਜਸਲੀਨ ਕੌਰ ਨੇ ਹੋਰ ਦੱਸਿਆ ਕਿ ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੂੰ ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਰਾਸ਼ਟਰੀ ਅਜਾਇਬ ਘਰ ਅਤੇ ਅਟਾਰੀ ਸਰਹੱਦ ਵਰਗੇ ਪ੍ਰਮੁੱਖ ਸਥਾਨਾਂ ਦੇ ਦੌਰੇ ਕਰਵਾਏ ਜਾਣਗੇ, ਤਾਂ ਜੋ ਉਹ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਰੂਬਰੂ ਹੋ ਸਕਣ।
ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਕਸ਼ਮੀਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਇਕੱਠਾ ਕਰਦਾ ਹੈ ਅਤੇ ਉਨ੍ਹਾਂ ਨੂੰ ਸਿੱਖਣ, ਸਾਂਝ ਪਾਉਣ ਅਤੇ “ਅਨੇਕਤਾ ਵਿੱਚ ਏਕਤਾ” ਦੇ ਸੰਦੇਸ਼ ਨੂੰ ਮਜ਼ਬੂਤ ਕਰਨ ਲਈ ਇਕ ਵਧੀਆ ਮੰਚ ਪ੍ਰਦਾਨ ਕਰਦਾ ਹੈ।
Comments are closed.