ਵੇਈਂ ਪੂਈਂ ਅੱਗਜ਼ਨੀ ਮਾਮਲਾ: ਐਸ.ਡੀ.ਐਮ ਸੰਜੀਵ ਸ਼ਰਮਾ ਵੱਲੋਂ ਮੌਕੇ ਦਾ ਜਾਇਜ਼ਾ

ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਮੁਆਵਜ਼ੇ ਦਾ ਭਰੋਸਾ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ

ਖਡੂਰ ਸਾਹਿਬ/ਤਰਨ ਤਾਰਨ, 2 ਅਪ੍ਰੈਲ (ਨਵਦੀਪ ਸ਼ੈਂਟੀ):
ਬੀਤੀ ਰਾਤ ਹਲਕਾ ਖਡੂਰ ਸਾਹਿਬ ਦੇ ਪਿੰਡ ਵੇਈਂ ਪੂਈਂ ਵਿਖੇ ਦੋ ਘਰਾਂ ਨੂੰ ਅੱਗ ਲਗਾਉਣ ਦੀ ਮੰਦਭਾਗੀ ਘਟਨਾ ਤੋਂ ਬਾਅਦ ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਕੁਮਾਰ ਸ਼ਰਮਾ ਵੱਲੋਂ ਮੌਕੇ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ।

ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹਾਲਤ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਹਮਦਰਦੀ ਜਤਾਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਬਣਦਾ ਇਨਸਾਫ਼ ਅਤੇ ਮੁਆਵਜ਼ਾ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਸੀ ਅਤੇ ਪੀੜਤਾਂ ਦੇ ਬਿਆਨਾਂ ਦੇ ਆਧਾਰ ‘ਤੇ ਉਸੇ ਰਾਤ ਮਾਮਲਾ ਦਰਜ ਕਰ ਲਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਆਦੇਸ਼ਾਂ ਅਨੁਸਾਰ ਪੀੜਤ ਪਰਿਵਾਰਾਂ ਦੇ ਹੋਏ ਨੁਕਸਾਨ ਦੀ ਜਲਦ ਤੋਂ ਜਲਦ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ‘ਤੇ ਪੀੜਤ ਪਰਿਵਾਰਾਂ ਨੇ ਸੰਤੁਸ਼ਟੀ ਪ੍ਰਗਟਾਈ ਹੈ।
ਐਸ.ਡੀ.ਐਮ ਨੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਤਹਿਸੀਲਦਾਰ ਖਡੂਰ ਸਾਹਿਬ ਲਛਮਣ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Comments are closed.