ਮਹਿਲਾਵਾਂ ਲਈ ਪ੍ਰਤੀ ਮਹੀਨਾ 1000 ਰੁਪਏ ਦੀ ਗਰੰਟੀ ਪੂਰੀ ਹੋਣ ਨਾਲ ਭਾਰੀ ਉਤਸ਼ਾਹ – ਅੰਜੂ ਵਰਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਨਾਲ ਪ੍ਰਕਿਰਿਆ ਸ਼ੁਰੂ, ਮਹਿਲਾਵਾਂ ਨੂੰ ਦਸਤਾਵੇਜ਼ ਜਮ੍ਹਾ ਕਰਵਾਉਣ ਲਈ ਅਪੀਲ
ਤਰਨ ਤਾਰਨ (ਨਵਦੀਪ ਸ਼ੰਟੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਦੀ ਪੂਰੀ ਕੀਤੀ ਗਈ ਗਰੰਟੀ ਨੂੰ ਲੈ ਕੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੀ ਜਨਰਲ ਸਕੱਤਰ ਅੰਜੂ ਵਰਮਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਏ ਦਿਨ ਪੰਜਾਬ ਦੇ ਹਿੱਤਾਂ ਲਈ ਨਵੇਂ ਫੈਸਲੇ ਲੈ ਰਹੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਈਆਂ ਗਰੰਟੀਆਂ ਵਿੱਚੋਂ ਜ਼ਿਆਦਾਤਰ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਹੁਣ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜ਼ਿਲ੍ਹਾ ਜਨਰਲ ਸਕੱਤਰ ਅੰਜੂ ਵਰਮਾ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਸੰਪਰਕ ਕਰਕੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਆਪਣੇ ਦਸਤਾਵੇਜ਼ ਜਮ੍ਹਾ ਕਰਵਾਉਣ।