ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਕਾਨੂੰਨ ਇਤਿਹਾਸਕ ਕਦਮ: ਅੰਜੂ ਵਰਮਾ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤਾ ਸੋਧ ਬਿੱਲ ਸਿੱਖ ਭਾਵਨਾਵਾਂ ਦਾ ਸਤਿਕਾਰ — ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਸੰਦੇਸ਼

ਤਰਨ ਤਾਰਨ, 24 ਅਪ੍ਰੈਲ (ਰਿਪੋਰਟਰ: ਨਵਦੀਪ ਸ਼ੰਟੀ):
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨਾ ਇੱਕ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਹੈ। ਇਹ ਗੱਲ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਸਕੱਤਰ ਸ੍ਰੀਮਤੀ ਅੰਜੂ ਵਰਮਾ ਨੇ ਕਹੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਭਾਈਚਾਰੇ ਦੇ ਜੀਵਨ ਦਾ ਕੇਂਦਰ ਹਨ ਅਤੇ ਇਸ ਦੀ ਬੇਅਦਬੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਸੋਧ ਬਿੱਲ ਸਿੱਖ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦਾ ਹੈ ਅਤੇ ਇਹ ਸਪਸ਼ਟ ਸੰਦੇਸ਼ ਦਿੰਦਾ ਹੈ ਕਿ ਭਵਿੱਖ ਵਿੱਚ ਅਜਿਹੇ ਘਿਨਾਉਣੇ ਕੰਮ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅੰਜੂ ਵਰਮਾ ਨੇ ਕਿਹਾ ਕਿ ਇਹ ਫੈਸਲਾ ਨਾ ਸਿਰਫ਼ ਪੰਜਾਬ ਲਈ, ਸਗੋਂ ਦੇਸ਼-ਵਿਦੇਸ਼ ਵਿੱਚ ਵਸਦੇ ਸਮੁੱਚੇ ਸਿੱਖ ਭਾਈਚਾਰੇ ਲਈ ਵਿਸ਼ਵਾਸ ਦਾ ਸਰੋਤ ਬਣਿਆ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨਾ ਹਰ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਨੇ ਇਹ ਕਦਮ ਚੁੱਕ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ।

ਉਨ੍ਹਾਂ ਉਮੀਦ ਜਤਾਈ ਕਿ ਇਹ ਕਾਨੂੰਨ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕੇਗਾ ਅਤੇ ਕਾਨੂੰਨ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਕਰੇਗਾ। ਇਸ ਨਾਲ ਸਮਾਜ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵੀ ਬਲ ਮਿਲੇਗਾ।

ਅੰਤ ਵਿੱਚ ਉਨ੍ਹਾਂ ਪੰਜਾਬ ਸਰਕਾਰ, ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਸਿੰਘ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਧਾਰਮਿਕ ਮਾਣ-ਮਰਿਆਦਾ ਦੀ ਰੱਖਿਆ ਲਈ ਚੁੱਕੇ ਗਏ ਅਜਿਹੇ ਕਦਮ ਹਮੇਸ਼ਾ ਯਾਦ ਰੱਖੇ ਜਾਣਗੇ।

Comments are closed.