ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ
8 ਮਈ ਨੂੰ ਬਠਿੰਡਾ ਵਿਖੇ ਸੂਬਾਈ ਇਜਲਾਸ ਕਰਨ ਦਾ ਫੈਸਲਾ, ਮੁਲਾਜ਼ਮ ਮੰਗਾਂ ‘ਤੇ ਸੰਘਰਸ਼ ਤੇਜ਼ ਕਰਨ ਦੀ ਤਿਆਰੀ
27 ਅਪ੍ਰੈਲ/ ਕਰਨੈਲ ਜੀਤ
ਮੋਰਿੰਡਾ: ਪੀਡਬਲਿਊਡੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਅਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ. ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਮਹਿਮਾ ਸਿੰਘ ਧਨੋਲਾ ਦੀ ਪ੍ਰਧਾਨਗੀ ਹੇਠ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਪਵਨ ਮੋਂਗਾ ਨੇ ਦੱਸਿਆ ਕਿ ਜਥੇਬੰਦੀ ਦਾ ਸੂਬਾ ਪੱਧਰੀ ਇਜਲਾਸ 8 ਮਈ ਨੂੰ ਬਠਿੰਡਾ ਵਿਖੇ ਕਰਵਾਇਆ ਜਾਵੇਗਾ। ਇਸ ਇਜਲਾਸ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂ ਕੌਮੀ ਤੇ ਕੌਮਾਂਤਰੀ ਹਾਲਾਤ, ਮੁਲਾਜ਼ਮ ਲਹਿਰ, ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਹੋਰ ਮਸਲਿਆਂ ‘ਤੇ ਵਿਚਾਰ-ਚਰਚਾ ਕਰਨਗੇ। ਇਸ ਤੋਂ ਬਾਅਦ ਜਥੇਬੰਦੀ ਦੀ ਨਵੀਂ ਸੂਬਾ ਕਮੇਟੀ ਦੀ ਚੋਣ ਵੀ ਕੀਤੀ ਜਾਵੇਗੀ।
ਮੀਟਿੰਗ ਵਿੱਚ ਵਿਭਾਗੀ ਮੰਗਾਂ ‘ਤੇ ਚਰਚਾ ਕਰਦਿਆਂ ਦੱਸਿਆ ਗਿਆ ਕਿ ਦਰਜਾ ਚਾਰ ਮੁਲਾਜ਼ਮਾਂ ਨੂੰ ਟੈਸਟ ਪਾਸ ਕੀਤਿਆਂ ਚਾਰ ਮਹੀਨੇ ਬੀਤ ਚੁੱਕੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਦਰਜਾ ਤਿੰਨ ਦੀਆਂ ਖਾਲੀ ਪੋਸਟਾਂ ‘ਤੇ ਪ੍ਰਮੋਟ ਨਹੀਂ ਕੀਤਾ ਗਿਆ। ਇਸ ਦੀ ਬਜਾਏ ਬੇਬੁਨਿਆਦ ਇਤਰਾਜ਼ ਲਗਾਏ ਜਾ ਰਹੇ ਹਨ ਅਤੇ ਪਰਖ ਕਾਲ ਸਮਾਂ ਕਲੀਅਰ ਕਰਨ ਦੀ ਜਿੰਮੇਵਾਰੀ ਵੀ ਮੁਲਾਜ਼ਮਾਂ ‘ਤੇ ਹੀ ਡਾਲੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਪ੍ਰਮੋਸ਼ਨਾਂ ਵਿੱਚ ਕੀਤੀ ਜਾ ਰਹੀ ਟਾਲਮਟੋਲ ਦਾ ਅਸਲ ਮਕਸਦ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਕਰਨਾ ਹੈ।
ਮੀਟਿੰਗ ਵਿੱਚ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਸਾਂਝੇ ਸੰਘਰਸ਼ਾਂ ਦੀ ਤਿਆਰੀ ਕਰਨ ਦਾ ਫੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੀ.ਏ., ਪੇਂਡੂ ਭੱਤਾ, ਪੇ ਕਮਿਸ਼ਨ ਦੇ ਬਕਾਏ ਅਤੇ ਹੋਰ ਮੰਗਾਂ ‘ਤੇ ਕੀਤੀ ਜਾ ਰਹੀ ਅਣਦੇਖੀ ਮੁਲਾਜ਼ਮਾਂ ਨਾਲ ਵਿਤਕਰਾ ਹੈ, ਜਿਸ ਦਾ ਨਤੀਜਾ ਸਰਕਾਰ ਨੂੰ ਭੁਗਤਣਾ ਪਵੇਗਾ।
ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨੂੰ ਹੋਰ ਮਜ਼ਬੂਤ ਕਰਨ ਅਤੇ ਐਲਾਨੇ ਗਏ ਸੰਘਰਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ, ਇਕ ਮਈ ਨੂੰ ਮਜ਼ਦੂਰ ਦਿਵਸ ਮਨਾਉਂਦਿਆਂ ਮੁਲਾਜ਼ਮ ਮੰਗਾਂ ਅਤੇ ਸ਼ਾਮਰਾਜੀ ਨੀਤੀਆਂ ਦੇ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਅਹਿਦ ਵੀ ਕੀਤਾ ਗਿਆ।
ਮੀਟਿੰਗ ਵਿੱਚ ਯੂਪੀ, ਦਿੱਲੀ ਅਤੇ ਹਰਿਆਣਾ ਸਰਕਾਰਾਂ ਵੱਲੋਂ ਮਜ਼ਦੂਰਾਂ ‘ਤੇ ਕੀਤੇ ਜਾ ਰਹੇ ਜ਼ਬਰ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਗਈ ਕਿ ਮਜ਼ਦੂਰਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮਨਜ਼ੂਰ ਕੀਤਾ ਜਾਵੇ।
ਇਸ ਮੌਕੇ ਮਲਾਗਰ ਸਿੰਘ ਖਮਾਣੋਂ, ਉਮੇਦ ਸਿੰਘ, ਅਸ਼ੋਕ ਕੁਮਾਰ, ਜਸਵਿੰਦਰ ਸਿੰਘ, ਹਰਜੀਤ ਬਾਲੀਆ, ਗੁਰਚਰਨ ਸਿੰਘ ਅਕੌਈ ਸਾਹਿਬ, ਓਮਕਾਰ ਯਾਦਵ, ਸਰੂਪ ਸਿੰਘ ਮਾਜਰੀ, ਜਗਦੇਵ ਘੁਰਕਣੀ, ਭੂਸ਼ਣ ਗੋਇਲ, ਰਾਮਜੀ ਸਿੰਘ, ਬਲਵਿੰਦਰ ਸੁਨਾਮ, ਦੀਦਾਰ ਸਿੰਘ ਢਿੱਲੋ, ਬਾਬੂ ਸਿੰਘ, ਜੋਗਿੰਦਰ ਸਿੰਘ ਸਮਾਧ, ਪੁਰਸ਼ੋਤਮ ਸਿੰਘ ਅਬੋਹਰ, ਸਰਬਜੀਤ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਆਗੂ ਹਾਜ਼ਰ ਸਨ।
Comments are closed.