ਭਾਜਪਾ ਸਰਕਾਰ ਆਉਣ ’ਤੇ ਕਿਸੇ ਵੀ ਮੁਲਾਜ਼ਮ ਨੂੰ ਧਰਨਾ ਨਹੀਂ ਲਾਉਣਾ ਪਵੇਗਾ : ਰਣਜੀਤ ਸਿੰਘ ਗਿੱਲ

ਕੁਰਾਲੀ ’ਚ ਸਫਾਈ ਸੇਵਕਾਂ ਦੀ ਹੜਤਾਲ ਨੂੰ ਦਿੱਤੀ ਹਮਾਇਤ, ਸਰਕਾਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਅਣਡਿੱਠੀਆਂ ਕਰਨ ਦੇ ਲਗਾਏ ਦੋਸ਼

ਚੰਡੀਗੜ੍ਹ, 9 ਮਈ (ਪੁਸ਼ਪਿੰਦਰ ਸਿੰਘ ਕੁਰਾਲੀ):
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਕਿਸੇ ਵੀ ਮੁਲਾਜ਼ਮ ਨੂੰ ਆਪਣੀਆਂ ਮੰਗਾਂ ਲਈ ਧਰਨਾ ਨਹੀਂ ਦੇਣਾ ਪਵੇਗਾ, ਪਰ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਮੁਲਾਜ਼ਮ ਦੀ ਮੰਗ ਪੂਰੀ ਨਹੀਂ ਕੀਤੀ ਗਈ। ਇਸ ਕਾਰਨ ਮੁਲਾਜ਼ਮ ਵਰਗ ਧਰਨੇ ਲਗਾਉਣ ਲਈ ਮਜਬੂਰ ਹੈ ਅਤੇ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਿਰ ਕਰ ਰਿਹਾ ਹੈ।

ਇਹ ਵਿਚਾਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਕੁਰਾਲੀ ਵਿਖੇ ਸਫਾਈ ਸੇਵਕ ਯੂਨੀਅਨ ਅਤੇ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਆਪਣੀਆਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹ ਅੱਜ ਹੜਤਾਲੀ ਮੁਲਾਜ਼ਮਾਂ ਦੀ ਹਮਾਇਤ ਕਰਨ ਲਈ ਪਹੁੰਚੇ ਸਨ।

ਗਿੱਲ ਨੇ ਕਿਹਾ ਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਅਤੇ ਹੋਰ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਢੁੱਕਵਾਂ ਹੱਲ ਨਹੀਂ ਕੱਢਿਆ ਗਿਆ।

ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਅਤੇ ਸਫਾਈ ਕਰਮਚਾਰੀਆਂ ਦਾ ਮਾਣ-ਭੱਤਾ ਵਧਾਇਆ ਜਾਵੇਗਾ ਅਤੇ ਸਫਾਈ ਕਰਮਚਾਰੀਆਂ ਨੂੰ ਰੈਗੂਲਰ ਵੀ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਇਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਦਿਨੀਂ ਮੁੱਖ ਮੰਤਰੀ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ ਦੇ ਚੁੱਕੇ ਹਨ, ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ। ਇਸ ਦੌਰਾਨ ਆਗੂਆਂ ਅਤੇ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

ਇਸ ਮੌਕੇ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ, ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮੀ, ਸੁਰਜੀਤ ਸਿੰਘ ਸੀਤਾ, ਸੁੱਖੂ ਕੁਰਾਲੀ, ਜਗਦੇਵ ਸਿੰਘ ਆੜਤੀ, ਸੁੱਚਾ ਸਿੰਘ ਅਤੇ ਹੋਰ ਸਫਾਈ ਯੂਨੀਅਨ ਵਰਕਰ ਹਾਜ਼ਰ ਸਨ।

Comments are closed.