ਵਾਰਡ ਨੰਬਰ 6 ਤੇ 10 ਤੋਂ ਆਪ ਉਮੀਦਵਾਰਾਂ ਵੱਲੋਂ ਚੋਣ ਦਫਤਰਾਂ ਦਾ ਉਦਘਾਟਨ

ਅਧੂਰੇ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਪੂਰੇ ਕਰਵਾਏ ਜਾਣਗੇ : ਬਹਾਦਰ ਓਕੇ, ਡਾ. ਅਸ਼ਵਨੀ ਸ਼ਰਮਾ

ਕੁਰਾਲੀ, 18 ਮਈ (ਪੁਸ਼ਪਿੰਦਰ ਸਿੰਘ):
ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਚੋਣ ਦਫਤਰ ਖੋਲ੍ਹਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਅੱਜ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਕੌਂਸਲਰ ਬਹਾਦਰ ਸਿੰਘ ਓਕੇ ਅਤੇ ਵਾਰਡ ਨੰਬਰ 10 ਤੋਂ ਪਾਰਟੀ ਦੇ ਉਮੀਦਵਾਰ ਡਾ. ਅਸ਼ਵਨੀ ਕੁਮਾਰ ਸ਼ਰਮਾ ਵੱਲੋਂ ਚੰਡੀਗੜ੍ਹ ਮਾਰਗ ‘ਤੇ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ।

ਉਦਘਾਟਨ ਸਮਾਗਮ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਇੱਕ ਛੋਟੀ ਬੱਚੀ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਰਿਬਨ ਕੱਟ ਕੇ ਚੋਣ ਦਫਤਰ ਦੀ ਰਸਮੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਬਹਾਦਰ ਸਿੰਘ ਓਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕਈ ਵਿਕਾਸ ਪ੍ਰੋਜੈਕਟ ਚਲਾਏ ਜਾ ਰਹੇ ਹਨ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਤਾਂ ਵਾਰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਡਾ. ਅਸ਼ਵਨੀ ਕੁਮਾਰ ਸ਼ਰਮਾ ਨੇ ਕਿਹਾ ਕਿ ਸ਼ਹਿਰ ਦੇ ਰਹਿੰਦੇ ਅਧੂਰੇ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਵਾਏ ਜਾਣਗੇ ਅਤੇ ਲੋਕਾਂ ਨੂੰ ਦਰਪੇਸ਼ ਮੁੱਢਲੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਖਾਸ ਤੌਰ ‘ਤੇ ਪਾਣੀ ਦੀ ਸਮੱਸਿਆ ਨੂੰ ਤਰਜੀਹ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਝਾੜੂ ਦੇ ਨਿਸ਼ਾਨ ਵਾਲਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ।
ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।

Comments are closed.