ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ

ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ, ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ

ਤਰਨ ਤਾਰਨ, 30 ਮਈ (ਨਵਦੀਪ ਸ਼ਾਂਟੀ):
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਤਰਨ ਤਾਰਨ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਹੇਠ, ਨੋਡਲ ਅਫ਼ਸਰ ਡਾ. ਹਰਪ੍ਰੀਤ ਸਿੰਘ ਦੀ ਦੇਖ-ਰੇਖ ਵਿੱਚ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਜਾਗਰੂਕਤਾ ਦਿਵਸ ਮਨਾਇਆ ਗਿਆ।

ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਜਨਤਕ ਥਾਵਾਂ ਅਤੇ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ ਜਾਂ ਸੇਵਨ ਕਰਨਾ ਕਾਨੂੰਨੀ ਜੁਰਮ ਹੈ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਪਦਾਰਥ ਵੇਚਣ ਅਤੇ ਇਸ ਦੇ ਸੇਵਨ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਉਨ੍ਹਾਂ ਸਾਰੇ ਵਿਭਾਗੀ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧੀਨ ਆਉਂਦੀਆਂ ਸੰਸਥਾਵਾਂ ਵਿੱਚ ਤੰਬਾਕੂਨੋਸ਼ੀ ਐਕਟ ਦੀ ਪਾਲਣਾ ਯਕੀਨੀ ਬਣਾਉਣ।

ਨੋਡਲ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਛੋਟੀ ਉਮਰ ਵਿੱਚ ਤੰਬਾਕੂ ਦੇ ਸੇਵਨ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਪੀੜ੍ਹੀ ਵਿੱਚ ਚੈਨੀ, ਖੈਨੀ, ਜ਼ਰਦਾ ਅਤੇ ਹੁੱਕੇ ਵਰਗੇ ਤੰਬਾਕੂ ਪਦਾਰਥਾਂ ਦੀ ਵਰਤੋਂ ਵਧ ਰਹੀ ਹੈ, ਜਿਸ ਨਾਲ ਮੂੰਹ, ਤਾਲੂ ਅਤੇ ਫੇਫੜਿਆਂ ਦੇ ਕੈਂਸਰ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ।

ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਸੰਸਾਰ ਵਿੱਚ ਦਿਲ ਦੀਆਂ ਬਿਮਾਰੀਆਂ ਨਾਲ ਹੋਣ ਵਾਲੀਆਂ ਲਗਭਗ 15 ਫੀਸਦੀ ਮੌਤਾਂ ਦਾ ਕਾਰਨ ਐਕਟਿਵ ਅਤੇ ਪੈਸਿਵ ਸਮੋਕਿੰਗ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਖੁਦ ਸਿਗਰਟ ਨਹੀਂ ਪੀਂਦੇ ਪਰ ਧੂੰਏਂ ਦੇ ਸੰਪਰਕ ਵਿੱਚ ਰਹਿੰਦੇ ਹਨ, ਉਹ ਵੀ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਅਤੇ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਵਿੱਚ ਖੁੱਲ੍ਹੀ ਸਿਗਰਟ ਜਾਂ ਹੋਰ ਨਸ਼ੀਲੇ ਤੰਬਾਕੂ ਉਤਪਾਦਾਂ ਦੀ ਵਿਕਰੀ ‘ਤੇ ਕਾਨੂੰਨੀ ਰੋਕ ਹੈ।

ਇਸ ਮੌਕੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ, ਮਾਈ ਭਾਗੋ ਕਾਲਜ ਦੇ ਸਟਾਫ ਤੋਂ ਇਲਾਵਾ ਭੁਪਿੰਦਰ ਸਿੰਘ ਹੈਲਥ ਸੁਪਰਵਾਈਜ਼ਰ, ਅਮਰਜੀਤ ਸਿੰਘ ਗਿੱਲ ਤੰਬਾਕੂ ਕੋਆਰਡੀਨੇਟਰ, ਆਰੂਸ਼ ਭੱਲਾ ਬੀ.ਸੀ.ਸੀ ਕੋਆਰਡੀਨੇਟਰ, ਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।

Comments are closed.