ਬਸਪਾ ਪੰਜਾਬ ਦੇ ਮੁਲਾਜ਼ਮਾਂ ਦੇ ਹੱਕ ਵਿੱਚ ਡਟ ਕੇ ਨਿਤਰੀ : ਰਜਿੰਦਰ ਸਿੰਘ ਰਾਜਾ ਨਨਹੇੜੀਆਂ
ਮੁਲਾਜ਼ਮ ਪੰਜਾਬ ਦੀ ਤਰੱਕੀ ਅਤੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ, ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਬਸਪਾ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗੀ
ਕੁਰਾਲੀ, 10 ਅਗਸਤ (ਪੁਸ਼ਪਿੰਦਰ ਸਿੰਘ): ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਵੱਲੋਂ ਆਪਣੇ ਸਾਥੀਆਂ ਸਮੇਤ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁਲਾਜ਼ਮਾਂ ਦੇ ਹੱਕਾਂ ਅਤੇ ਮਸਲਿਆਂ ਨੂੰ ਲੈ ਕੇ ਆਪਣੀ ਪਾਰਟੀ ਦੀ ਵਚਨਬੱਧਤਾ ਪ੍ਰਗਟ ਕੀਤੀ ਗਈ।
ਰਜਿੰਦਰ ਸਿੰਘ ਰਾਜਾ ਨਨਹੇੜੀਆਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਮੁਲਾਜ਼ਮਾਂ ਦੇ ਹੱਕ ਵਿੱਚ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਪੰਜਾਬ ਦੇ ਪ੍ਰਸ਼ਾਸਨ ਅਤੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੈ। ਸਰਕਾਰੀ ਵਿਭਾਗਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਵਿੱਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਸਰਕਾਰ ਨੂੰ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਅਤੇ ਸਨਮਾਨਜਨਕ ਹੱਲ ਕੱਢਣਾ ਚਾਹੀਦਾ ਹੈ। ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ, ਬਣਦੇ ਲਾਭ ਅਤੇ ਸਹੂਲਤਾਂ ਸਮੇਂ ਸਿਰ ਮਿਲਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਬਿਨਾਂ ਕਿਸੇ ਦਬਾਅ ਦੇ ਆਪਣੀਆਂ ਸੇਵਾਵਾਂ ਨਿਭਾ ਸਕਣ।
ਰਾਜਾ ਨਨਹੇੜੀਆਂ ਨੇ ਕਿਹਾ ਕਿ ਬਸਪਾ ਹਮੇਸ਼ਾ ਹੀ ਸਮਾਜ ਦੇ ਕਮਜ਼ੋਰ, ਪੀੜਤ ਅਤੇ ਹੱਕਾਂ ਤੋਂ ਵਾਂਝੇ ਵਰਗਾਂ ਦੀ ਆਵਾਜ਼ ਬਣੀ ਹੈ ਅਤੇ ਮੁਲਾਜ਼ਮ ਵਰਗ ਨਾਲ ਜੁੜੇ ਜਾਇਜ਼ ਮਸਲਿਆਂ ਨੂੰ ਵੀ ਪਾਰਟੀ ਵੱਲੋਂ ਪੂਰੀ ਗੰਭੀਰਤਾ ਨਾਲ ਉਠਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਹੁਜਨ ਸਮਾਜ ਪਾਰਟੀ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਪੱਧਰ ’ਤੇ ਉਨ੍ਹਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੇਗੀ।
ਇਸ ਮੌਕੇ ਬਸਪਾ ਆਗੂਆਂ ਅਤੇ ਵਰਕਰਾਂ ਨੇ ਵੀ ਪੰਜਾਬ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ।
ਇਸ ਮੌਕੇ ਹਰਦੀਪ ਸਿੰਘ ਨੱਗਲ ਗੜ੍ਹੀਆ, ਜਗਦੇਵ ਸਿੰਘ ਕੁਰਾਲੀ, ਅਮਨਦੀਪ ਸਿੰਘ ਕੁਰਾਲੀ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਅਤੇ ਰਿਟ. ਮਹਾ ਸਿੰਘ, ਅੰਡਰ ਸੈਕਟਰੀ ਹੋਮ ਆਦਿ ਹਾਜ਼ਰ ਸਨ।
Comments are closed.