ਦੇਸ਼ ਵਿਆਪੀ ਹੜਤਾਲ ਦੇ ਸੱਦੇ ਨੂੰ ਮੋਰਿੰਡਾ ਵਿੱਚ ਰਲਵਾਂ-ਮਿਲਵਾਂ ਹੁੰਗਾਰਾ, ਬਿਜਲੀ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ ਤੇ ਰੈਲੀ

ਨਿੱਜੀਕਰਨ, ਠੇਕੇਦਾਰੀ ਪ੍ਰਣਾਲੀ ਅਤੇ ਬਿਜਲੀ ਐਕਟ 2025 ਦੇ ਵਿਰੋਧ ਵਿੱਚ ਨਾਅਰੇਬਾਜ਼ੀ

ਮੋਰਿੰਡਾ — ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਦਿੱਤੇ ਗਏ ਦੇਸ਼ ਵਿਆਪੀ ਹੜਤਾਲ ਦੇ ਸੱਦੇ ਦਾ ਅਸਰ ਅੱਜ ਮੋਰਿੰਡਾ ਵਿੱਚ ਸਪਸ਼ਟ ਤੌਰ ‘ਤੇ ਵੇਖਣ ਨੂੰ ਮਿਲਿਆ। ਇਸ ਮੌਕੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ ਮੁਕੰਮਲ ਹੜਤਾਲ ਕਰਦਿਆਂ ਸ਼ਹਿਰ ਵਿੱਚ ਭਰਵੀਂ ਰੈਲੀ ਕੱਢੀ।

ਇਸ ਹੜਤਾਲ ਵਿੱਚ ਜੋਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਹੜਤਾਲ ਕਾਰਨ ਪੰਜਾਬ ਰੋਡਵੇਜ਼ ਦੀਆਂ ਬੱਸਾਂ ਲਗਭਗ ਬੰਦ ਰਹੀਆਂ, ਜਿਸ ਨਾਲ ਪ੍ਰਾਈਵੇਟ ਬੱਸਾਂ ਅਤੇ ਆਟੋ ਚਾਲਕਾਂ ਦੀ ਮਨਮਰਜ਼ੀ ਚੱਲਦੀ ਰਹੀ। ਬੈਂਕਾਂ ‘ਚ ਹੜਤਾਲ ਦਾ ਅਸਰ ਨਾਂਮਾਤਰ ਰਿਹਾ, ਜਦਕਿ ਨਗਰ ਕੌਂਸਲ ਦੇ ਕਰਮਚਾਰੀ ਆਮ ਦਿਨਾਂ ਵਾਂਗ ਕੰਮ ਕਰਦੇ ਨਜ਼ਰ ਆਏ।

ਜ਼ਿਕਰਯੋਗ ਹੈ ਕਿ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਨੂੰ ਸੰਯੁਕਤ ਕਿਸਾਨ ਮੋਰਚਾ ਸਮੇਤ ਕਈ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਵੀ ਸਮਰਥਨ ਦਿੱਤਾ ਗਿਆ ਸੀ। ਮੋਰਿੰਡਾ ਵਿੱਚ ਕੱਢੀ ਗਈ ਬਿਜਲੀ ਮੁਲਾਜ਼ਮਾਂ ਦੀ ਰੈਲੀ ਵਿੱਚ ਕਿਸਾਨ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।

ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਆਪਣੀਆਂ ਮੁਲਾਜ਼ਮ ਮਾਰੂ ਅਤੇ ਕਿਸਾਨ ਮਾਰੂ ਨੀਤੀਆਂ ਰਾਹੀਂ ਦੇਸ਼ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਨੁਕਸਾਨ ਪਹੁੰਚਾ ਰਹੀ ਹੈ। ਇਸ ਮੌਕੇ ਜੋਆਇੰਟ ਫੋਰਮ ਦੇ ਆਗੂ ਸੁਖਵਿੰਦਰ ਸਿੰਘ ਦੁੱਮਣਾ ਨੇ ਮੰਗ ਕੀਤੀ ਕਿ ਨਿੱਜੀਕਰਨ ਤੁਰੰਤ ਰੋਕਿਆ ਜਾਵੇ, ਠੇਕੇਦਾਰੀ ਪ੍ਰਣਾਲੀ ਖਤਮ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਹੋਵੇ ਅਤੇ ਮਨਰੇਗਾ ਸਕੀਮ ਨੂੰ ਹੋਰ ਮਜ਼ਬੂਤ ਕੀਤਾ ਜਾਵੇ।

ਉਨ੍ਹਾਂ ਨਾਲ ਹੀ ਮਿਨਿਸਟਰੀਅਲ ਸਰਵਿਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਬਰਿੰਦਰ ਸਿੰਘ ਅਤੇ ਟੀ.ਐਸ.ਯੂ. ਸਰਕਲ ਮੋਹਾਲੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਡਿਆਲਾ ਨੇ ਕਿਹਾ ਕਿ ਬਿਜਲੀ ਐਕਟ 2025 ਮੁਲਾਜ਼ਮਾਂ ਅਤੇ ਆਮ ਖਪਤਕਾਰਾਂ ਦੋਵਾਂ ਲਈ ਘਾਤਕ ਸਾਬਤ ਹੋ ਸਕਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਕਾਨੂੰਨ ਰਾਹੀਂ ਸਰਕਾਰ ਬਿਜਲੀ ਖੇਤਰ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਅਤੇ ਪ੍ਰੀ-ਪੇਡ ਮੀਟਰਾਂ ਰਾਹੀਂ ਬਿਜਲੀ ਬੋਰਡ ਦੇ ਨਿੱਜੀਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਬਿਜਲੀ ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ 12 ਫਰਵਰੀ 2026 ਨੂੰ ਫਿਰ ਤੋਂ ਹੜਤਾਲ ਕੀਤੀ ਜਾਵੇਗੀ। ਰੈਲੀ ਦੌਰਾਨ ਪੈਨਸ਼ਨਰਜ਼ ਐਸੋਸੀਏਸ਼ਨ, ਟੀ.ਐਸ.ਯੂ., ਐਮ.ਐਸ.ਯੂ. ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।

ਖ਼ਬਰ : ਮੋਰਿੰਡਾ — ਕਰਨੈਲ ਜੀਤ

Watch our YouTube video

Comments are closed.