ਆਪ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਤੋਂ ਚਾਰ ਕਦਮ ਅੱਗੇ — ਨਾਇਬ ਸਿੰਘ ਸੈਣੀ

ਲੁਧਿਆਣਾ ਦੀ ਪੂਰਵਾਂਚਲ ਸਨਮਾਨ ਰੈਲੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਦਾ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ

ਚੰਡੀਗੜ੍ਹ / ਲੁਧਿਆਣਾ, 22 ਫ਼ਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ ਅਤੇ ਆਮ ਆਦਮੀ ਪਾਰਟੀ ਤਾਂ ਇਸ ਮਾਮਲੇ ਵਿੱਚ ਕਾਂਗਰਸ ਤੋਂ ਵੀ ਚਾਰ ਕਦਮ ਅੱਗੇ ਹੈ। ਉਹ ਐਤਵਾਰ ਨੂੰ ਲੁਧਿਆਣਾ ਦੇ ਛੱਠ ਪੂਜਾ ਮੈਦਾਨ ਵਿੱਚ ਆਯੋਜਿਤ ਪੂਰਵਾਂਚਲ ਸਨਮਾਨ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਚਾਰ ਸਾਲ ਬੀਤਣ ਦੇ ਬਾਵਜੂਦ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਜੋ ਲੋਕ ਆਪਣੇ ਆਪ ਨੂੰ ਕੱਟਰ ਇਮਾਨਦਾਰ ਦੱਸਦੇ ਸਨ, ਉਨ੍ਹਾਂ ਦਾ ਅਸਲੀ ਚਿਹਰਾ ਦੇਸ਼ ਦੇ ਸਾਹਮਣੇ ਆ ਚੁੱਕਾ ਹੈ ਅਤੇ ਉਨ੍ਹਾਂ ਦੇ ਕਈ ਨੇਤਾ ਜੇਲ੍ਹਾਂ ਤੱਕ ਵੀ ਪਹੁੰਚੇ ਹਨ।

ਲੁਧਿਆਣਾ ਨੂੰ ਉਦਯੋਗਿਕ ਨਗਰੀ ਦੱਸਦਿਆਂ ਸੈਣੀ ਨੇ ਕਿਹਾ ਕਿ ਇਹ ਮਿਹਨਤਕਸ਼ ਧਰਤੀ ਹੈ ਅਤੇ ਪੰਜਾਬ ਗੁਰੂਆਂ, ਪੀਰਾਂ ਅਤੇ ਵੀਰਾਂ ਦੀ ਭੂਮੀ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਬਦਲਾਅ ਦਾ ਸੰਦੇਸ਼ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਦੇ ਸਾਂਝੇ ਸੱਭਿਆਚਾਰ ਅਤੇ ਰਿਸ਼ਤਿਆਂ ਦੀ ਵੀ ਗੱਲ ਕੀਤੀ।

ਸੈਣੀ ਨੇ ਹਰਿਆਣਾ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗਰੀਬ ਪਰਿਵਾਰਾਂ ਲਈ 500 ਰੁਪਏ ਵਿੱਚ ਗੈਸ ਸਿਲਿੰਡਰ, ਕਿਡਨੀ ਮਰੀਜ਼ਾਂ ਲਈ ਮੁਫ਼ਤ ਡਾਇਲਿਸਿਸ, ਫਸਲਾਂ ਦੀ 100 ਫੀਸਦੀ ਐਮਐਸਪੀ ‘ਤੇ ਖਰੀਦ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਯੁਸ਼ਮਾਨ/ਚਿਰਾਯੂ ਯੋਜਨਾ ਤਹਿਤ ਲੱਖਾਂ ਪਰਿਵਾਰਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਬਜ਼ੁਰਗਾਂ ਦੇ ਇਲਾਜ ਦੀ ਵੀ ਪੂਰੀ ਸੰਭਾਲ ਕੀਤੀ ਜਾ ਰਹੀ ਹੈ।

ਨਸ਼ੇ ਦੇ ਮਸਲੇ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਨੂੰ ਰੋਕਣ ਦੀ ਥਾਂ ਵਧਾਇਆ ਗਿਆ ਹੈ ਅਤੇ ਜੇ 2027 ਵਿੱਚ ਭਾਜਪਾ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਵਿਕਾਸ ਕੇਂਦਰਿਤ ਨੀਤੀ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਕੇਂਦਰ ਦੀਆਂ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਰੈਲੀ ਵਿੱਚ ਆਉਣ ਵਾਲੇ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨਾਲ ਵਿਰੋਧੀਆਂ ਦੀ ਘਟੀਆ ਸੋਚ ਸਾਹਮਣੇ ਆਉਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਅੱਗੇ ਲਿਜਾਣ ਲਈ 2027 ਵਿੱਚ ਭਾਜਪਾ ਦੀ ਸਰਕਾਰ ਬਣਾਈ ਜਾਵੇ।

ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਿਨੀ ਸ਼ਰਮਾ, ਰੈਲੀ ਦੇ ਆਯੋਜਕ ਰਾਜੇਸ਼ ਮਿਸ਼ਰਾ, ਜ਼ਿਲ੍ਹਾ ਪ੍ਰਧਾਨ ਰਜਨੀਸ਼ ਧਿਮਾਨ ਸਮੇਤ ਕਈ ਆਗੂ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

Comments are closed.